NCERT ਵਿਵਾਦ: ਜਵਾਬਦੇਹੀ ਤੈਅ ਕਰ ਕੇ ਕਾਰਵਾਈ ਕੀਤੀ ਜਾਵੇਗੀ: ਕੇਂਦਰੀ ਸਿੱਖਿਆ ਮੰਤਰੀ
ਕਿਤਾਬ ਦੇ ਵਿਵਾਦਤ ਹਿੱਸੇ ਨੂੰ ਤਿਆਰ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ- ਧਰਮੇਂਦਰ ਪ੍ਰਧਾਨ
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ 8ਵੀਂ ਜਮਾਤ ਦੀ NCERT ਕਿਤਾਬ ਵਿੱਚ ਨਿਆਂਪਾਲਿਕਾ ਦੇ ਭ੍ਰਿਸ਼ਟਾਚਾਰ ਬਾਰੇ ਪਾਠ 'ਤੇ ਚਿੰਤਾ ਜ਼ਾਹਰ ਕਰਦਿਆਂ ਭਰੋਸਾ ਦਿੱਤਾ ਕਿ ਇਸ ਵਿਵਾਦਤ ਹਿੱਸੇ ਨੂੰ ਤਿਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨਿਆਂਪਾਲਿਕਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਸੰਸਥਾ ਦਾ ਅਪਮਾਨ ਕਰਨ ਦਾ ਕੋਈ ਇਰਾਦਾ ਨਹੀਂ ਸੀ।
ਇਹ ਬਿਆਨ ਉਦੋਂ ਆਇਆ ਜਦੋਂ ਸੁਪਰੀਮ ਕੋਰਟ ਨੇ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼" ਦਾ ਖ਼ਦਸ਼ਾ ਜਤਾਉਂਦਿਆਂ ਇਸ ਕਿਤਾਬ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਅਤੇ ਸਾਰੀਆਂ ਕਾਪੀਆਂ ਜ਼ਬਤ ਕਰਨ ਦੇ ਹੁਕਮ ਦਿੱਤੇ। ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਿਹਾ, "ਉਨ੍ਹਾਂ ਨੇ ਗੋਲੀ ਚਲਾ ਦਿੱਤੀ ਹੈ ਅਤੇ ਨਿਆਂਪਾਲਿਕਾ ਲਹੂ-ਲੁਹਾਣ ਹੈ।"
ਜਮਸ਼ੇਦਪੁਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਨੇ ਕਿਹਾ, "ਜੋ ਹੋਇਆ ਮੈਂ ਉਸ ਤੋਂ ਬਹੁਤ ਦੁਖੀ ਹਾਂ ਅਤੇ ਅਫ਼ਸੋਸ ਪ੍ਰਗਟ ਕਰਦਾ ਹਾਂ। ਨਿਆਂਪਾਲਿਕਾ ਦੇ ਅਪਮਾਨ ਦਾ ਸਾਡਾ ਕੋਈ ਇਰਾਦਾ ਨਹੀਂ ਸੀ। ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਵੇਗੀ।" ਉਨ੍ਹਾਂ ਇਹ ਵੀ ਦੱਸਿਆ ਕਿ ਪਤਾ ਲੱਗਦਿਆਂ ਹੀ ਕਿਤਾਬਾਂ ਦੀ ਵੰਡ ਰੋਕ ਦਿੱਤੀ ਗਈ ਸੀ।
ਦਰਅਸਲ NCERT ਦੀ 8ਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਕਿਤਾਬ ਵਿੱਚ ਲਿਖਿਆ ਗਿਆ ਸੀ ਕਿ ਭ੍ਰਿਸ਼ਟਾਚਾਰ, ਕੇਸਾਂ ਦਾ ਵੱਡਾ ਬੈਕਲੌਗ (ਬਕਾਇਆ) ਅਤੇ ਜੱਜਾਂ ਦੀ ਘਾਟ ਨਿਆਂ ਪ੍ਰਣਾਲੀ ਦੀਆਂ ਮੁੱਖ ਚੁਣੌਤੀਆਂ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਕਿਉਂਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਨਿਆਂਪਾਲਿਕਾ ਸਰਵਉੱਚ ਹੈ।

