ਨਵੀਂ ਸਿੱਖਿਆ ਨੀਤੀ: ਸੂਬਿਆਂ ਦੇ ਹੱਕ ਖੋਹ ਰਿਹਾ ਕੇਂਦਰ: ਹਰਜੋਤ ਬੈਂਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਦੀ ਨਵੀਂ ਸਿੱਖਿਆ ਨੀਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਹੀ ਹੈ। ਬੈਂਸ ਇੱਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲਾ ਵੱਲੋਂ ਕਰਵਾਏ ਗਏ ਅਖਿਲ ਭਾਰਤੀ ਸਿੱਖਿਆ ਸੰਮੇਲਨ ਵਿੱਚ ਪੁੱਜੇ ਸਨ। ਸੰਮੇਲਨ ਵਿੱਚ ਵੱਖ-ਵੱਖ ਸੂਬਿਆਂ ਦੇ ਸਿੱਖਿਆ ਮੰਤਰੀ ਵੀ ਪੁੱਜੇ। ਬੈਂਸ ਨੇ ਕਿਹਾ ਕਿ ਸਿੱਖਿਆ ਦਾ ਵਿਸ਼ਾ, ਕੇਂਦਰ ਅਤੇ ਸੂਬਿਆਂ ਦੀ ਸਾਂਝੀ ਸੂਚੀ ਵਿਚ ਸ਼ਾਮਲ ਹੈ। ਪਰ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਉੱਪਰ ਆਪਣਾ ਦਬਦਬਾ ਵਧਾਉਣ ’ਤੇ ਤੁਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਵੱਖਰੀ ਸਿੱਖਿਆ ਨੀਤੀ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਹ ਜਲਦ ਬਣਾਈ ਜਾਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਨਵੀਂ ਸਿੱਖਿਆ ਨੀਤੀ ਦੇ ਪਰਦੇ ਹੇਠ ਕੇਂਦਰ ਦੇ ਕਿਸੇ ਵੀ ਅਜਿਹੇ ਕਦਮ ਨੂੰ ਬਰਦਾਸ਼ਤ ਨਹੀਂ ਕਰਨਗੇ ਜਿਸ ਨਾਲ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਭਾਸ਼ਾ ਦੀ ਅਹਿਮੀਅਤ ਘਟੇ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਆਪਣੀ ਸਿੱਖਿਆ ਨੀਤੀ ਦਾ ਐਲਾਨ ਕਰ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਸਰਬਪੱਖੀ ਵਿਕਾਸ ਲਈ ਸੁਹਿਰਦ ਅਤੇ ਸੰਜੀਦਾ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਸੰਵਿਧਾਨ ਤਹਿਤ ਦਰਜ 22 ਭਾਸ਼ਾਵਾਂ ਵਿੱਚ ਸ਼ਾਮਲ ਹੋਣ ਅਤੇ ਦੇਸ਼ ਦੇ ਕਈ ਇਲਾਕਿਆਂ ਵਿੱਚ ਬੋਲੀ ਅਤੇ ਪੜ੍ਹੀ ਜਾਣ ਦੇ ਬਾਵਜੂਦ ਸੀਬੀਐੱਸਸੀ ਵੱਲੋਂ ਪੰਜਾਬੀ ਨੂੰ ਚੋਣਵੇਂ ਵਿਸ਼ੇ ਦੇ ਵਰਗ ਵਿੱਚ ਰੱਖਿਆ ਗਿਆ। ਪੰਜਾਬ ਸਰਕਾਰ ਵੱਲੋਂ ਸਖ਼ਤ ਵਿਰੋਧ ਕੀਤੇ ਜਾਣ ’ਤੇ ਪੰਜਾਬੀ ਨੂੰ ਮੁੱਖ ਭਾਸ਼ਾ ਦੇ ਵਰਗ ਵਿਚ ਸ਼ਾਮਲ ਕੀਤਾ ਗਿਆ।