ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਮਈ
ਦਿੱਲੀ ਸਕੱਤਰੇਤ ਵਿਖੇ ਵਾਤਾਵਰਨ ਮੰਤਰੀ ਗੋਪਾਲ ਰਾਏ ਦੀ ਪ੍ਰਧਾਨਗੀ ਹੇਠ ਸਿੰਗਲ ਯੂਜ਼ ਪਲਾਸਟਿਕ ਦੇ ਹੋਰ ਵਿਕਲਪਾਂ ‘ਤੇ ਕੰਮ ਕਰ ਰਹੇ ਨਵੇਂ ਸਟਾਰਟ-ਅੱਪ ਤੇ ਸਵੈ-ਸਹਾਇਤਾ ਸਮੂਹਾਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਆਮ ਲੋਕਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੇ ਵੱਧ ਤੋਂ ਵੱਧ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਦੇ ਪ੍ਰੋਜੈਕਟਾਂ ‘ਤੇ ਚਰਚਾ ਕੀਤੀ ਗਈ। ਵਾਤਾਵਰਣ ਮੰਤਰੀ ਨੇ ਇਸ ਮੌਕੇ ਸਟਾਲਾਂ ਦਾ ਵੀ ਜਾਇਜ਼ਾ ਲਿਆ। ਮੰਤਰੀ ਨੇ ਕਿਹਾ ਕਿ ਸਰਕਾਰ ਸਿੰਗਲ ਯੂਜ਼ ਪਲਾਸਟਿਕ ਦੇ ਹੋਰ ਬਦਲਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਗ੍ਰੀਨ ਸਟਾਰਟਅਪ ਨੀਤੀ ਲਿਆ ਰਹੀ ਹੈ। ਦਿੱਲੀ ਸਕੱਤਰੇਤ ਵਿਖੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਵਾਤਾਵਰਨ ਵਿਭਾਗ ਪ੍ਰਦੂਸ਼ਣ ਵਿਰੁੱਧ ਹਰ ਤਰ੍ਹਾਂ ਦੇ ਢੁੱਕਵੇਂ ਕਦਮ ਚੁੱਕ ਰਿਹਾ ਹੈ। ਸਿੰਗਲ ਯੂਜ਼ ਪਲਾਸਟਿਕ ਵੀ ਪ੍ਰਦੂਸ਼ਣ ਨੂੰ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸਿੰਗਲ ਯੂਜ਼ ਪਲਾਸਟਿਕ ਵਸਤੂਆਂ ਦੀ ਵਰਤੋਂ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਜ਼ਰੂਰੀ ਹੈ। ਇਸ ਦਿਸ਼ਾ ਵਿੱਚ ਅੱਗੇ ਵਧਦੇ ਹੋਏ, ਦਿੱਲੀ ਸਰਕਾਰ ਨੇ 1 ਜੂਨ ਤੋਂ ਦਿੱਲੀ ਸਕੱਤਰੇਤ ਦੇ ਸਾਰੇ ਦਫਤਰਾਂ ਵਿੱਚ ਸਿੰਗਲ-ਯੂਜ਼ ਪਲਾਸਟਿਕ ਤੋਂ ਪੈਦਾ ਹੋਣ ਵਾਲੀਆਂ ਸਾਰੀਆਂ ਚੀਜ਼ਾਂ ‘’ਤੇ ਪਾਬੰਦੀ ਲਗਾਉਣੀ ਸ਼ੁਰੂ ਕਰ ਦਿੱਤੀ ਹੈ ਪਰ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਗਾਉਣ ਲਈ ਚੁਣੌਤੀਆਂ ਦਰਪੇਸ਼ ਹਨ ਜਿਸ ਵਿੱਚ ਪਹਿਲਾ ਸਿੰਗਲ-ਯੂਜ਼ ਪਲਾਸਟਿਕ ਦੇ ਉਤਪਾਦਨ, ਸਪਲਾਈ ਅਤੇ ਵਿਕਰੀ ਨਾਲ ਜੁੜੇ ਲੋਕਾਂ ਦੀ ਆਮਦਨ ‘ਤੇ ਪ੍ਰਭਾਵ ਅਤੇ ਦੂਜਾ ਸਿੰਗਲ-ਯੂਜ਼ ਪਲਾਸਟਿਕ ਦੇ ਹੋਰ ਵਿਕਲਪਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ।