Niti Aayog meeting: ਪੰਜਾਬ ਨਾਲ ਮਤਰੇਆ ਸਲੂਕ ਬੰਦ ਹੋਵੇ: ਭਗਵੰਤ ਮਾਨ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 24 ਮਈ
Niti Aayog meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬੇ ਨਾਲ ਕੇਂਦਰ ਸਰਕਾਰ ਵੱਲੋਂ ਮਤਰੇਈ ਮਾਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ, ਅਤੇ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇਪੂਰਨ ਸਲੂਕ ਗੈਰ-ਵਾਜਬ ਅਤੇ ਗ਼ਲਤ ਹੈ।
ਅੱਜ ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਚ 'ਤੇ ਸੂਬੇ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਉਠਾਏ ਅਤੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ (ਵਾਈਐੱਸਐਲ) ਨਹਿਰ ਦੇ ਨਿਰਮਾਣ 'ਤੇ ਵਿਚਾਰ ਕਰਨ 'ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰਾਵੀ, ਬਿਆਸ ਅਤੇ ਸਤਲੁਜ ਦਰਿਆ ਪਹਿਲਾਂ ਹੀ ਪਾਣੀ ਪੱਖੋਂ ਘਾਟੇ ਵਿੱਚ ਹਨ ਅਤੇ ਵਾਧੂ ਪਾਣੀ ਨੂੰ ਘਾਟੇ ਵਾਲੇ ਬੇਸਿਨਾਂ ਵਿੱਚ ਮੋੜਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਵਾਰ-ਵਾਰ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ ਕਿਉਂਕਿ ਯਮੁਨਾ-ਸਤਲੁਜ-ਲਿੰਕ ਪ੍ਰੋਜੈਕਟ ਲਈ ਇੱਕ ਸਮਝੌਤਾ 12 ਮਾਰਚ, 1954 ਨੂੰ ਤਤਕਾਲੀ ਅਣਵੰਡੇ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚਕਾਰ ਹੋਇਆ ਸੀ, ਜਿਸ ਵਿੱਚ ਸਾਬਕਾ ਅਣਵੰਡੇ ਪੰਜਾਬ ਨੂੰ ਯਮੁਨਾ ਦੇ ਪਾਣੀਆਂ ਦੇ ਦੋ-ਤਿਹਾਈ ਹਿੱਸੇ ਦਾ ਹੱਕਦਾਰ ਬਣਾਇਆ ਗਿਆ ਸੀ।