ਧਾਮੀ ਸ਼ਹੀਦੀ ਦਿਹਾੜੇ ਸਬੰਧੀ ਵੱਖਰੇ ਪ੍ਰੋਗਰਾਮ ਨਾ ਉਲੀਕਣ: ਦਿੱਲੀ ਗੁਰਦੁਆਰਾ ਕਮੇਟੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੈਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਖਿਆ ਹੈ ਕਿ ਉਹ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਕੌਮ ਵੱਲੋਂ ਇਕਜੁੱਟ ਹੋ ਕੇ ਮਨਾਉਣ ਦੇ ਰਾਹ ਵਿਚ ਭੁਲੇਖੇ ਨਾ ਪਾਉਣ ਅਤੇ ਵੱਖਰੇ ਪ੍ਰੋਗਰਾਮ ਨਾ ਉਲੀਕਣ।
ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਿੰਨਾਂ ਆਗੂਆਂ ਨੇ ਕਿਹਾ ਕਿ ਜਦੋਂ 1999 ਵਿਚ ਖਾਲਸਾ ਸਾਜਨਾ ਦਿਵਸ ਦਾ 300 ਸਾਲਾ ਮਨਾਇਆ ਗਿਆ ਤਾਂ ਸਮੁੱਚੀ ਕੌਮ ਸ੍ਰੀ ਆਨੰਦਪੁਰ ਸਾਹਿਬ ਵਿਚ ਇਕਜੁੱਟ ਹੋਈ। ਇਸੇ ਤਰੀਕੇ ਜਦੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਪਟਨਾ ਸਾਹਿਬ ਵਿਖੇ ਮਨਾਇਆ ਗਿਆ ਤਾਂ ਸਮੁੱਚੀ ਕੌਮ ਪਟਨਾ ਸਾਹਿਬ ਵਿੱਚ ਇਕੱਤਰ ਹੋਈ। ਉਨ੍ਹਾਂ ਕਿਹਾ ਕਿ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਗੁਰਦੁਆਰਾ ਸੀਸਗੰਜ ਸਾਹਿਬ ਵਾਲੇ ਅਸਥਾਨ ’ਤੇ ਹੋਈ ਅਤੇ ਅੰਤਿਮ ਸਸਕਾਰ ਗੁਰਦੁਆਰਾ ਰਕਾਬਗੰਜ ਸਾਹਿਬ ਵਾਲੀ ਥਾਂ ’ਤੇ ਦਿੱਲੀ ਵਿੱਚ ਹੋਇਆ। ਉਨ੍ਹਾਂ ਕਿਹਾ ਕਿ ਇਸ ਲਈ ਇਹ ਦਿਹਾੜਾ ਮਨਾਉਣ ਦੀ ਮੁੱਢਲੀ ਜ਼ਿੰਮੇਵਾਰੀ ਦਿੱਲੀ ਗੁਰਦੁਆਰਾ ਕਮੇਟੀ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਅਸੀਂ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਲਈ ਪ੍ਰੋਗਰਾਮ ਉਲੀਕੇ ਹਨ, ਜਿਨ੍ਹਾਂ ਤਹਿਤ ਲਾਲ ਕਿਲ੍ਹੇ ’ਤੇ ਸਮਾਗਮ ਰੱਖੇ ਗਏ ਹਨ। ਇਨ੍ਹਾਂ ਵਿੱਚ ਕੇਂਦਰ ਤੇ ਦਿੱਲੀ ਸਰਕਾਰ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਨਵੇਂ ਬਣੇ ਸਲਾਹਕਾਰਾਂ ਦੀ ਸਲਾਹ ’ਤੇ ਵੱਖਰੇ ਪ੍ਰੋਗਰਾਮ ਉਲੀਕੇ ਹਨ ਜਦੋਂਕਿ ਇਨ੍ਹਾਂ ਸਲਾਹਕਾਰਾਂ ਵਿਚ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਸ਼ਾਮਲ ਹਨ, ਨੂੰ ਸੰਗਤ ਨੇ ਪਹਿਲਾਂ ਹੀ ਨਕਾਰ ਦਿੱਤਾ ਹੈ। ਉਨ੍ਹਾਂ ਸ੍ਰੀ ਧਾਮੀ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਰਲ ਮਿਲ ਕੇ ਮਨਾਉਣ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਹਿਯੋਗ ਦੇਣ।
‘ਕਾਰਜਕਾਰੀ ਜਥੇਦਾਰ ਗੜਗੱਜ ਨੂੰ ਸਾਰੀ ਜਾਣਕਾਰੀ ਸਾਂਝੀ ਕੀਤੀ’
ਦਿੱਲੀ ਵਿਚ ਨਾਜਾਇਜ਼ ਕਬਜ਼ੇ ਲਈ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਵਰਤਣ ਬਾਰੇ ਸਵਾਲ ਦੇ ਜਵਾਬ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜਿਵੇਂ ਹੀ ਮਾਮਲਾ ਸਾਡੇ ਧਿਆਨ ਵਿਚ ਆਇਆ ਤੁਰੰਤ ਗੁਰੂ ਸਾਹਿਬ ਦਾ ਸਰੂਪ ਉਥੋਂ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ ਸਰੂਪ ਦੇਣ ਵਾਲੇ ਬਾਬਾ ਕੁਲਦੀਪ ਸਿੰਘ ਨੇ ਵੀ ਗਲਤੀ ਮੰਨੀ ਹੈ ਤੇ ਇਸ ਬਾਰੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਲਿਖਤੀ ਪੱਤਰ ਭੇਜ ਕੇ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ।