ਕੁਲਦੀਪ ਸਿੰਘ
ਨਵੀਂ ਦਿੱਲੀ, 15 ਸਤੰਬਰ
ਦਵਿੰਦਰ ਕੌਰ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੀਰਤੀ ਨਗਰ, ਨਵੀਂ ਦਿੱਲੀ ਵਿਖੇ ਸਾਰਾਗੜ੍ਹੀ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਸਬੰਧੀ ਵਿਸ਼ੇ ’ਤੇ ‘ਰੰਗ ਭਰੋ’ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ 300 ਦੇ ਕਰੀਬ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦੀ ਸੰਚਾਲਕ ਡਾ. ਅਵਨੀਤ ਕੌਰ ਭਾਟੀਆ ਨੇ ਦੱਸਿਆ ਕਿ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਫਿਲਮ ਰਾਹੀਂ ਸਵਾਲ ਵੀ ਪੁੱਛੇ ਗਏ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ’ਚ ਸਾਰਾਗੜ੍ਹੀ ਜੰਗ ’ਤੇ ਆਧਾਰਤ ਫਿਲਮ ‘ਕੇਸਰੀ’ ਵਿੱਚ ਗੁਰਮੁਖ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ਸੁਰਮੀਤ ਸਿੰਘ ਬਸਰਾ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕਰ ਕੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਦੇ ਨਾਲ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਬਾਕੀ ਬੱਚਿਆਂ ਨੂੰ ਵੀ ਸਨਮਾਨਿਆ ਗਿਆ।
ਇਸ ਮੌਕੇ ‘ਜਾਗੋ ਪਾਰਟੀ’ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਡਾ. ਪਰਮਿੰਦਰਪਾਲ ਸਿੰਘ ਸਮੇਤ ਹੋਰ ਕਈ ਪਤਵੰਤਿਆਂ ਨੇ ਹਾਜ਼ਰੀ ਲਗਵਾਈ ਤੇ ਸੰਸਥਾ ਦੇ ਇਸ ਉਪਰਾਲੇ ਦੀ ਆਪੋ-ਆਪਣੇ ਢੰਗ ਨਾਲ ਸ਼ਲਾਘਾ ਕੀਤੀ। ਅੰਤ ਵਿੱਚ ਡਾ. ਅਵਨੀਤ ਕੌਰ ਭਾਟੀਆ ਨੇ ਇਸ ਪ੍ਰੋਗਰਾਮ ’ਚ ਸਹਿਯੋਗ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਤੇ ਨਾਲ ਹੀ ਭਰੋਸਾ ਦਿਵਾਇਆ ਕਿ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ ਸਿੱਖੀ ਇਤਿਹਾਸ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾਣਗੇ।