ਵਿਰੋਧੀ ਪਾਰਟੀਆਂ ਵੱਲੋਂ ਪ੍ਰਦੂਸ਼ਣ ਨੂੰ ਲੈ ਕੇ ਪ੍ਰਦਰਸ਼ਨ
ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਅੱਜ ਪਾਰਲੀਮੈਂਟ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ; ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਆਖਿਆ ਕਿ ਸਰਕਾਰ ਨੂੰ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਦਮ ਚੁੱਕਣੇ ਚਾਹੀਦੇ ਹਨ।
ਸੰਸਦ ਦੇ ਮਕਰ ਦਵਾਰ ਦੇ ਬਾਹਰ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਹੱਥਾਂ ’ਚ ਤਖਤੀਆਂ ਫੜ ਕੇ ਨਾਅਰੇ ਲਾਏ ਅਤੇ ਪ੍ਰਧਾਨ ਮੰਤਰੀ ਨੂੰ ਬਿਆਨਬਾਜ਼ੀ ਛੱਡ ਕੇ ਮਸਲੇ ਦਾ ਹੱਲ ਕਰਨ ਲਈ ਆਖਿਆ। ਪ੍ਰਦਰਸ਼ਨ ਦੌਰਾਨ ਹਵਾ ਪ੍ਰਦੂਸ਼ਣ ਦੀ ਸਮੱਸਿਆ ਉਭਾਰਨ ਲਈ ਕੁਝ ਸੰਸਦ ਮੈਂਬਰਾਂ ਨੇ ਮਾਸਕ ਵੀ ਪਹਿਨੇ ਸਨ। ਉਨ੍ਹਾਂ ਨੇ ਵੱਡਾ ਬੈਨਰ ਵੀ ਚੁੱਕਿਆ ਸੀ ਜਿਸ ’ਤੇ ਪ੍ਰਧਾਨ ਮੰਤਰੀ ਦੀ ਫੋਟੋ ਨਾਲ ‘ਮੌਸਮ ਕਾ ਮਜ਼ਾ ਲੀਜੀਏ’ ਨਾਅਰਾ ਲਿਖਿਆ ਸੀ। ਪ੍ਰਧਾਨ ਮੰਤਰੀ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਮੌਸਮ ਬਾਰੇ ਇਹ ਟਿੱਪਣੀ ਕੀਤੀ ਸੀ। ਸੰਸਦ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਤੋਂ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਾਰਵਾਈ ਦੀ ਮੰਗ ਕੀਤੀ। ਸ੍ਰੀਮਤੀ ਗਾਂਧੀ ਨੇ ਕਿਹਾ, ‘‘ਇਹ ਸਰਕਾਰ ਦੀ ਜ਼ਿੰਮੇਵਾਰੀ ਹੈ, ਉਹ ਪ੍ਰਦੂਸ਼ਣ ਦੇ ਮਸਲੇ ਨਾਲ ਨਜਿੱਠਣ ਲਈ ਕੁਝ ਕਦਮ ਚੁੱਕੇ। ਮੇਰੇ ਵਰਗੇ ਹੋਰ ਬਜ਼ੁਰਗ ਲੋਕ ਵੀ ਹਨ, ਜਿਨ੍ਹਾਂ ਲਈ ਸਾਹ ਲੈਣਾ ਮੁਸ਼ਕਲ ਹੈ।’’
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਦਰਸ਼ਨ ਦੀ ਵੀਡੀਓ ਸਾਂਝੀ ਕਰਦਿਆਂ ਕਿਹਾ, ‘‘ਪ੍ਰਦੂਸ਼ਿਤ ਹਵਾ ’ਤੇ ਸਾਡਾ ਸਵਾਲ ਇਹ ਹੈ ਕਿ ਹਰ ਕੋਈ ਪ੍ਰੇਸ਼ਾਨ ਕਿਉਂ ਨਜ਼ਰ ਆਉਂਦਾ ਹੈ? ਮੋਦੀ ਜੀ ਕਹਿੰਦੇ ਹਨ- ‘ਮੌਸਮ ਦਾ ਮਜ਼ਾ ਲਓ’। ਜ਼ਹਿਰੀਲੀ ਹਵਾ ਪ੍ਰਤੀ ਭਾਜਪਾ ਦੀ ਉਦਾਸੀਨਤਾ ਖ਼ਿਲਾਫ਼ ਸੰਸਦ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਾਂ।’’
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਪ੍ਰਧਾਨ ਮੰਤਰੀ ’ਤੇ ਵਿਅੰਗ ਕੱਸਦਿਆਂ ਕਿਹਾ, ‘‘ਕਿਹੜੇ ਮੌਸਮ ਦਾ ਮਜ਼ਾ ਲਈਏ? ਬਾਹਰ ਦੇਖੋ ਕੀ ਹਾਲਤ ਹੋਈ ਪਈ ਹੈ। ਬੱਚਿਆਂ ਤੇ ਬਜ਼ੁਰਗਾਂ ਨੂੰ ਸਾਹ ਲੈਣਾ ਮੁਸ਼ਕਲ ਹੋ ਰਿਹਾ ਹੈ।’’
