ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਅਕਤੂਬਰ
ਕੇਂਦਰ ਸਰਕਾਰ ਵੱਲੋਂ ਰੋਜ਼ਾਨਾ ਲਗਾਤਾਰ ਡੀਜ਼ਲ-ਪੈਟਰੋਲ ਤੇ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨਾਲ ਜਿੱਥੇ ਦੇਸ਼ ਦੀ ਸਮੂਹ ਜਨਤਾ ਵਿੱਚ ਹਾਹਾਕਾਰ ਮੱਚੀ ਹੋਈ ਹੈ, ਉਥੇ ਕਿਸਾਨਾਂ ਦੇ ਫ਼ਿਕਰਾਂ ਵਿੱਚ ਵੀ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਸਰਸਰੀ ਨਜ਼ਰ ਮਰਿਆਂ ਪਤਾ ਲੱਗਦਾ ਹੈ ਇੱਕ ਦੋ ਮਹੀਨੇ ਬਾਅਦ ਕੀਮਤਾਂ ਵਿੱਚ ਮਾਮੂਲੀ ਉਛਾਲ ਆਉਂਦਾ ਹੈ ਪਰ ਕੇਂਦਰ ਸਰਕਾਰ ਤੇਲ ਤੋਂ ਟੈਕਸ ਇਕੱਠਾ ਕਰਨ ਲਈ ਅਤੇ ਤੇਲ ਕਾਰੋਬਾਰ ਨਾਲ ਜੁੜੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਣ ਲਈ ਤੇਲ ਦੀਆਂ ਕੀਮਤਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰਾਂ ਤੇਲ ’ਤੇ ਆਪਣੇ ਟੈਕਸ ਲਾ ਕੇ ਖਜ਼ਾਨੇ ਭਰ ਰਹੀਆਂ ਨੇ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਉਣੀ ਦੀਆਂ ਫਸਲਾਂ ਦੀ ਸਾਂਭ ਸੰਭਾਲ ਤੇ ਢੋਆ-ਢੁਆਈ ਵਿੱਚ ਜੁਟੇ ਹੋਏ ਹਨ, ਹਾੜੀ ਦੀ ਮੁੱਖ ਫ਼ਸਲ ਕਣਕ ਤੇ ਹੋਰ ਫ਼ਸਲਾਂ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ।
ਡੀਏਪੀ ਖਾਦ ਦੀ ਕਿੱਲਤ ਦੇ ਮਾਮਲੇ ਸਬੰਧੀ ਮੀਟਿੰਗ
ਨਵੀਂ ਦਿੱਲੀ: ਅੱਜ ਸੰਯੁਕਤ ਕਿਸਾਨ ਮੋਰਚੇ ਦੀ ਟਿਕਰੀ ਹੱਦ ’ਤੇ ਮੀਟਿੰਗ ਦੀ ਪ੍ਰਧਾਨਗੀ ਕੁੱਲ ਹਿੰਦ ਕਿਸਾਨ ਸਭਾ(ਅਜੈ ਭਵਨ) ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ ਨੇ ਕੀਤੀ। ਟਿਕਰੀ ਦੀ ਸਟੇਜ ’ਤੇ ਪੰਜਾਬ ਤੇ ਹਰਿਆਣੇ ਵਿੱਚ ਡੀਏਪੀ ਖਾਦ ਦੀ ਕਿੱਲਤ ਦੇ ਮਾਮਲੇ ਨੂੰ ਬਹੁਤ ਸ਼ਿੱਦਤ ਨਾਲ ਉਭਾਰਿਆ ਗਿਆ। ਪੰਜਾਬ ਨੂੰ ਹਾੜ੍ਹੀ ਦੀ ਫ਼ਸਲ ਲਈ 55 ਲੱਖ ਟਨ ਡੀਏਪੀ ਖਾਦ ਦੀ ਜ਼ਰੂਰਤ ਹੈ ਪਰ ਸੂਬੇ ਵਿੱੱਚ ਹਾਲੇ ਤਕ ਸਿਰਫ 18 ਲੱਖ ਟਨ ਡੀਏਪੀ ਸਪਲਾਈ ਦਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਾਦ ਦਾ 1200 ਰੁਪਏ ਵਾਲਾ ਗੱਟਾ 1500 ਰੁਪਏ ਵਿਕ ਰਿਹਾ ਹੈ। ਕਿਸਾਨਾਂ ਨੂੰ ਰੇਲਵੇ ਦੇ ਖਾਦ ਵਾਲੇ ਰੈਕ ਘੇਰਨੇ ਪੈ ਰਹੇ ਹਨ ਤਾਂ ਜੋ ਖਾਦ ਪ੍ਰਾਈਵੇਟ ਡੀਲਰਾਂ ਦੀ ਬਜਾਏ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਮਿਲੇ।