ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਪਰੈਲ
ਦਿੱਲੀ ਦੇ ਵਿੱਚ ਨਿੱਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਖ਼ਿਲਾਫ਼ ਅੱਜ ਵਿਦਿਆਰਥੀਆਂ ਦੇ ਮਾਪਿਆਂ ਨੇ ਪ੍ਰਦਰਸ਼ਨ ਕਰਕੇ ਆਪਣਾ ਰੋਸ ਜ਼ਾਹਿਰ ਕੀਤਾ ਹੈ। ਮਾਪਿਆਂ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਕੂਲਾਂ ਦੀ ਇਸ ਲੁੱਟ ਖ਼ਿਲਾਫ਼ ਕਾਰਵਾਈ ਕਰਨ। ਦਿੱਲੀ ਪੇਰੈਂਟਸ ਐਸੋਸੀਏਸ਼ਨ ਨੇ ਦਿੱਲੀ ਦੇ ਇੱਕ ਨਾਮੀ ਨਿੱਜੀ ਸਕੂਲ ਮਥੂਰਾ ਰੋਡ ’ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ਕਈ ਨਿੱਜੀ ਸਕੂਲਾਂ ਨੇ ਆਪਣੀ ਮਰਜ਼ੀ ਅਨੁਸਾਰ ਸਾਲਾਨਾ ਫ਼ੀਸ ਵਧਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 2017 ਵਿੱਚ ਅਦਾਲਤੀ ਹੁਕਮ ਮਗਰੋਂ ਸਕੂਲਾਂ ਨੇ ਫ਼ੀਸਾਂ ਨਹੀਂ ਵਧਾਈਆਂ ਸਨ। ਹੁਣ ਸਕੂਲ ਅਦਾਲਤੀ ਹੁਕਮ ਮੰਨਣ ਤੋਂ ਇਨਕਾਰੀ ਹਨ। ਪਿਛਲੇ ਸਾਲਾਂ ਦਾ ਬਕਾਇਆ ਵੀ ਜੋੜ ਕੇ ਲਿਆ ਜਾ ਰਿਹਾ ਹੈ। ਨਵੀਂ ਫ਼ੀਸ ਜੋ ਪੋਰਟਲ ਉਪਰ ਅਪਲੋਡ ਕੀਤੀ ਗਈ ਹੈ, ਉਹ 9600 ਰੁਪਏ ਹੈ। ਸਾਲਾਨਾ ਫ਼ੀਸ 21,400 ਰੁਪਏ ਤੋਂ ਵਧਾ ਕੇ 25 ਹਜ਼ਾਰ ਕੀਤੀ ਗਈ ਹੈ। ਨਾਲ ਹੀ ਡਿਵੈਲਪਮੈਂਟ ਚਾਰਜ ਦੇ ਨਾਂ ਉਪਰ 11000 ਰੁਪਏ ਹੋਰ ਸ਼ਾਮਲ ਕੀਤੇ ਗਏ ਹਨ। ਮਾਪਿਆਂ ਨੇ ਕਿਹਾ ਕਿ ਸਕੂਲਾਂ ਦੇ ਪ੍ਰਬੰਧਕ ਮਿਲਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਸੰਬੋਧਨ ਕਰਦੀਆਂ ਤਖ਼ਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ, ਜਿਨ੍ਹਾਂ ਉਪਰ ‘ਮਾਪਿਆਂ ਨੂੰ ਰਾਹਤ ਦਿਓ, ਵਧੀਆਂ ਫ਼ੀਸਾਂ ਵਾਪਸ ਲਓ’ ਦੇ ਨਾਅਰੇ ਲਿਖੇ ਹੋਏ ਸਨ। ਦਿੱਲੀ ਮਾਪੇ ਐਸੋਸੀਏਸ਼ਨ ਦੇ ਮੁਖੀ ਡਾ. ਅਪਰਜਿਤਾ ਗੌਤਮ ਨੇ ਕਿਹਾ ਕਿ ਦਿੱਲੀ ਦੇ ਦੋ ਮੁੱਖ ਸਕੂਲਾਂ ਨੇ ਫ਼ੀਸ ਵਧਾ ਦਿੱਤੀ ਹੈ, ਜਦੋਂ ਕਿ ਸ੍ਰੀ ਸਿਸੋਦੀਆ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਨਿੱਜੀ ਸਕੂਲਾਂ ਵੱਲੋਂ ਬੀਤੇ ਸਾਲਾਂ ਤੋਂ ਕੋਈ ਫ਼ੀਸ ਨਹੀਂ ਵਧਾਈ ਗਈ।
ਕੇਜਰੀਵਾਲ ਸਰਕਾਰ ਦਾ ਦੋਗਲਾ ਕਿਰਦਾਰ ਸਾਹਮਣੇ ਆਇਆ: ਗੁਪਤਾ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਪ੍ਰਾਈਵੇਟ ਸਕੂਲਾਂ ਵਿੱਚ ਲੱਖਾਂ ਰੁਪਏ ਦਾ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮਾਪਿਆਂ ’ਤੇ ਵਾਧੂ ਬੋਝ ਪੈ ਰਿਹਾ ਹੈ। ਅੱਜ ਫੀਸਾਂ ਵਿੱਚ ਵਾਧੇ ਸਬੰਧੀ ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਪਤਾ ਨੇ ਕਿਹਾ ਕਿ ਫੀਸਾਂ ਸਬੰਧੀ ਕੇਜਰੀਵਾਲ ਸਰਕਾਰ ਦਾ ਦੋਗਲਾ ਕਿਰਦਾਰ ਸਭ ਦੇ ਸਾਹਮਣੇ ਨੰਗਾ ਹੋ ਗਿਆ ਹੈ। ਇੱਕ ਪਾਸੇ ਕੇਜਰੀਵਾਲ ਸਰਕਾਰ ਵੱਲੋਂ ਮਾਪਿਆਂ ਨੂੰ ਝੂਠਾ ਭਰੋਸਾ ਦਿੱਤਾ ਜਾਂਦਾ ਹੈ ਕਿ ਫੀਸਾਂ ਨਹੀਂ ਵਧਾਈਆਂ, ਦੂਜੇ ਪਾਸੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨਾਲ ਦੋਸਤੀ ਕਰਦੇ ਹਨ ਅਤੇ ਉਨ੍ਹਾਂ ਨੂੰ ਇਹ ਭਰੋਸਾ ਦੇ ਕੇ ਫੀਸਾਂ ਵਧਾਉਣ ਦੀ ਸਲਾਹ ਦਿੰਦੇ ਹਨ ਕਿ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਫੀਸ ਨੂੰ ਲੈ ਕੇ ਉਪ ਰਾਜਪਾਲ ਨਾਲ ਮੁਲਾਕਾਤ ਕਰੇਗੀ।
ਫੀਸਾਂ ਦੇ ਮੁੱਦੇ ’ਤੇ ਝੂਠ ਬੋਲ ਰਹੇ ਨੇ ਕੇਜਰੀਵਾਲ: ਅਨਿਲ ਕੁਮਾਰ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਬਿਆਨ ਦੇ ਰਹੇ ਹਨ ਕਿ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ’ਚ ਵਾਧਾ ਨਹੀਂ ਕੀਤਾ ਗਿਆ, ਜਦਕਿ ਅਸਲੀਅਤ ਇਹ ਹੈ ਕਿ ਨਵੇਂ ਸਾਲਾਨਾ ਸੈਸ਼ਨ ਵਿਚ ਫੀਸਾਂ ਵਧਾ ਦਿੱਤੀਆਂ ਗਈਆਂ ਹਨ। ਇਸ ਕਾਰਨ ਮਾਪੇ ਕਾਫੀ ਪ੍ਰੇਸ਼ਾਨ ਹਨ ਅਤੇ ਆਪਣਾ ਗੁੱਸਾ ਜ਼ਾਹਰ ਕਰਨ ਲਈ ਸਕੂਲਾਂ ਦੇ ਬਾਹਰ ਪ੍ਰਦਰਸ਼ਨ ਵੀ ਕਰ ਰਹੇ ਹਨ ਪਰ ਕੇਜਰੀਵਾਲ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ’ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੇ ਦੌਰ ਵਿੱਚ ਆਰਥਿਕ ਸੰਕਟ ਨਾਲ ਜੂਝ ਰਹੇ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ। ਕੇਜਰੀਵਾਲ ਝੂਠੀ ਦੁਹਾਈ ਦੇ ਰਿਹਾ ਹੈ ਕਿ ਦਿੱਲੀ ਵਿੱਚ ਸਿੱਖਿਆ ਸਸਤੀ ਹੈ, ਜਦਕਿ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਤੋਂ ਮੋਟੀਆਂ ਫੀਸਾਂ ਵਸੂਲ ਰਹੇ ਹਨ। ਅਨਿਲ ਕੁਮਾਰ ਨੇ ਕਿਹਾ ਕਿ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਦੂਜੇ ਰਾਜਾਂ ਵਿੱਚ ਜਾ ਕੇ ਦਿੱਲੀ ਦੇ ਸਿੱਖਿਆ ਮਾਡਲ ਅਤੇ ਬਿਹਤਰ ਸਿੱਖਿਆ ਪੱਧਰ ਦੀ ਗੱਲ ਕਰਕੇ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੇ ਕੁਝ ਨਮੂਨੇ ਵਾਲੇ ਸਰਕਾਰੀ ਸਕੂਲਾਂ ਤੋਂ ਇਲਾਵਾ ਦਿੱਲੀ ਦੇ ਜ਼ਿਆਦਾਤਰ ਸਕੂਲਾਂ ਦੀ ਹਾਲਤ ਬਹੁਤ ਮਾੜੀ ਹੈ।