ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਸਤੰਬਰ
ਕੌਮੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਅੱਜ ਦੁਪਹਿਰ ਵੇਲੇ ਪਏ ਭਾਰੀ ਮੀਂਹ ਨਾਲ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਜੋ ਇਸ ਮਾਨਸੂਨ ਸੀਜ਼ਨ ਵਿੱਚ ਘੱਟ ਬਾਰਿਸ਼ ਦਾ ਸਾਹਮਣਾ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਸਾਲ ਅਗਸਤ ਵਿੱਚ ਸਿਰਫ਼ 41.6 ਮਿਲੀਮੀਟਰ ਵਰਖਾ ਹੋਈ ਜੋ ਘੱਟੋ-ਘੱਟ 14 ਸਾਲਾਂ ਵਿੱਚ ਸਭ ਤੋਂ ਘੱਟ ਹੈ। ਭਾਰਤੀ ਮੌਸਮ ਵਿਭਾਗ ਨੇ ਪਿਛਲੇ ਪੂਰਵ ਅਨੁਮਾਨ ਵਿੱਚ ਕਿਹਾ ਸੀ ਕਿ ਦਿੱਲੀ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਅੱਜ ਇੰਡੀਆ ਗੇਟ, ਅਕਸ਼ਰਾਧਾਮ, ਨਹਿਰੂ ਸਟੇਡੀਅਮ, ਡਿਫੈਂਸ ਕਲੋਨੀ, ਲਾਜਪਤ ਨਗਰ ਦੇ ਵੱਖ-ਵੱਖ ਸਥਾਨਾਂ ਦੇ ਨਾਲ ਲੱਗਦੇ ਖੇਤਰਾਂ ਵਿੱਚ ਮੀਂਹ ਪਿਆ। ਇਸ ਦੌਰਾਨ ਸੜਕਾਂ ਪਾਣੀ ਨਾਲ ਜਲ-ਥਲ ਹੋ ਗਈਆਂ ਤੇ ਕਈ ਥਾਈਂ ਲੋਕਾਂ ਨੂੰ ਟਰੈਫਿਕ ਜਾਮ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪਿਆ। ਪ੍ਰਾਪਤ ਜਾਣਕਾਰੀ ਮੁਤਾਬਿਕ ਅੱਜ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 27.1 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਸੀ, ਦਿਨ ਦੌਰਾਨ ਨਮੀ 78 ਫੀਸਦੀ ਦਰਜ ਕੀਤੀ ਗਈ।