ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਪਰੈਲ
ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਕਨਵੀਨਰ ਅਤੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਬੀਤੀ ਦੇਰ ਰਾਤ ਪੱਛਮੀ ਦਿੱਲੀ ਲੋਕ ਸਭਾ ਹਲਕੇ ਦੇ ਤਿਲਕ ਨਗਰ ਅਤੇ ਜਨਕਪੁਰੀ ਵਿੱਚ ‘ਜੇਲ੍ਹ ਕਾ ਜਵਾਬ ਵੋਟ ਸੇ’ ਤਹਿਤ ਜਨ ਸਭਾ ਕੀਤੀ। ਉਮੀਦਵਾਰ ਮਹਾਬਲ ਮਿਸ਼ਰਾ ਦੇ ਸਮਰਥਨ ਵਿੱਚ ਹੋਈ ਇਸ ਇਕੱਤਰਤਾ ’ਚ ਹਾਜ਼ਰ ਲੋਕਾਂ ਨੇ ਦੇਸ਼ ’ਚੋਂ ਤਾਨਾਸ਼ਾਹੀ ਸਰਕਾਰ ਨੂੰ ਹਟਾਉਣ ਅਤੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੀ ਸਹੁੰ ਚੁੱਕੀ। ਇਸ ਦੌਰਾਨ ਗੋਪਾਲ ਰਾਏ ਨੇ ਕਿਹਾ ਕਿ ਇਹ ਚੋਣ ਸਿਰਫ ਪ੍ਰਧਾਨ ਮੰਤਰੀ, ਸੰਸਦ ਮੈਂਬਰਾਂ ਅਤੇ ਮੰਤਰੀਆਂ ਦੀ ਚੋਣ ਕਰਨ ਲਈ ਨਹੀਂ, ਸਗੋਂ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਹੋ ਰਹੀ ਹੈ। ਜੇਕਰ ਅਸੀਂ ਇਹ ਸਮਾਂ ਖੁੰਝ ਗਏ ਤਾਂ ਇਨ੍ਹਾਂ ਲੋਕਾਂ ਤੋਂ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਬਿਨਾਂ ਕਿਸੇ ਸਬੂਤ ਦੇ ਜੇਲ੍ਹ ਵਿੱਚ ਡੱਕ ਦਿੱਤਾ ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ। ਜਨਤਾ ਇਹ ਦੇਖ ਰਹੀ ਹੈ ਅਤੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਨੂੰ ਆਪਣੀਆਂ ਵੋਟਾਂ ਨਾਲ ਜਵਾਬ ਦੇਵੇਗੀ। ਮੋਦੀ ਸਰਕਾਰ ਦੇ ਕੁਝ ਫੈਸਲਿਆਂ ਦਾ ਜ਼ਿਕਰ ਕਰਦਿਆਂ ਗੋਪਾਲ ਰਾਏ ਨੇ ਕਿਹਾ ਕਿ ਜਦੋਂ ਦੇਸ਼ ਦੀ ਨਵੀਂ ਸੰਸਦ ਦਾ ਸੈਸ਼ਨ ਬੁਲਾਇਆ ਗਿਆ ਤਾਂ ਇਕ ਦਿਨ ਵਿਚ ਵਿਰੋਧੀ ਧਿਰ ਦੇ 170 ਸੰਸਦ ਮੈਂਬਰਾਂ ਨੂੰ ਬਾਹਰ ਕੱਢ ਦਿੱਤਾ ਗਿਆ। ਕੇਂਦਰ ਸਰਕਾਰ ਨੇ ਵਿਰੋਧੀ ਧਿਰ ਦੇ ਸਾਰੇ ਸੰਸਦ ਮੈਂਬਰਾਂ ਨੂੰ ਕੱਢ ਕੇ ਸੰਸਦ ’ਤੇ ਕਬਜ਼ਾ ਕਰ ਲਿਆ ਅਤੇ ਮਨਮਾਨੇ ਕਾਨੂੰਨ ਪਾਸ ਕਰਨੇ ਸ਼ੁਰੂ ਕਰ ਦਿੱਤੇ। ਸਥਾਨਕ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ ਫਿਲਹਾਲ ਇਹ ਟ੍ਰੇਲਰ ਹੈ। ਇਹ ਸ਼ਾਬਦਿਕ ਤੌਰ ’ਤੇ ਸੰਵਿਧਾਨ ਅਤੇ ਲੋਕਤੰਤਰ ਨੂੰ ਤਬਾਹ ਕਰਨ ਦਾ ਟ੍ਰੇਲਰ ਸੀ।