Rahul BJP Attack: ਕੇਂਦਰ ਸਰਕਾਰ ਨੇ ਅਪਰਾਧੀਆਂ ਦਾ ਬਚਾਅ ਕਰਨ ਵਾਲੇ ਨੂੰ ਸਿੱਖਿਆ ਮੰਤਰੀ ਬਣਾਇਆ: Rahul Gandhi
Paper Leak Protest: ਵਿਰੋਧੀ ਧਿਰ ਦੇ ਆਗੂ ਨੇ ਭਾਜਪਾ ਸਰਕਾਰ ਉੱਤੇ ਨਿਸ਼ਾਨਾ ਸੇਧਦਿਆਂ ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰੀ ਬਣਾਉਣ ’ਤੇ ਚੁੱਕੇ ਸਵਾਲ
Priyanka Parliament Speech: ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰੀ ਦਾ ਅਹੁਦਾ ਦੇਣ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ।
ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਅਜਿਹੇ ਵਿਅਕਤੀ ਨੂੰ ਸਿੱਖਿਆ ਮੰਤਰੀ ਬਣਾਇਆ ਹੈ ਜੋ ਅਪਰਾਧੀਆਂ ਦਾ ਬਚਾਅ ਕਰਨ ਵਾਲਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਆਪਣੀ ਕੈਬਨਿਟ ਵਿੱਚ ਕਈ ਹੋਰ ਆਗੂ ਸਨ ਪਰ ਉਨ੍ਹਾਂ ਨੇ ਜਾਣ ਬੁੱਝ ਕੇ ਅਜਿਹੇ ਵਿਅਕਤੀ ਦੀ ਚੋਣ ਕੀਤੀ। ਜ਼ਿਕਰਯੋਗ ਹੈ ਕਿ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਲੋਕ ਸਭਾ ਵਿੱਚ ਬਹਿਸ ਦੌਰਾਨ ਪ੍ਰਹਿਲਾਦ ਜੋਸ਼ੀ ਖ਼ਿਲਾਫ਼ ਇਹੋ ਜਿਹੇ ਹੀ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਸੰਸਦ ਵਿੱਚ ਖਾਸਾ ਹੰਗਾਮਾ ਦੇਖਣ ਨੂੰ ਮਿਲਿਆ ਅਤੇ ਭਾਜਪਾ ਆਗੂਆਂ ਨੇ ਇਸ ਦੀ ਸਖ਼ਤ ਨਿਖੇਧੀ ਕਰਦਿਆਂ ਮੁਆਫ਼ੀ ਦੀ ਮੰਗ ਕੀਤੀ।
ਸੰਸਦ ਵਿੱਚ ਪ੍ਰਿਯੰਕਾ ਗਾਂਧੀ ਦੇ ਬਿਆਨ ਉੱਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਅਤੇ ਪ੍ਰਹਿਲਾਦ ਜੋਸ਼ੀ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਕਿਸੇ ਦੇ ਚਰਿੱਤਰ ਉੱਤੇ ਹਮਲਾ ਹੈ ਅਤੇ ਉਨ੍ਹਾਂ ਨੂੰ ਸਦਨ ਵਿੱਚ ਮੁਆਫ਼ੀ ਮੰਗਣੀ ਚਾਹੀਦੀ ਹੈ। ਦੂਜੇ ਪਾਸੇ, ਨੀਟ-ਯੂ.ਜੀ. ਪੇਪਰ ਲੀਕ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਦੇ ਚਲਦਿਆਂ ਪ੍ਰਧਾਨ ਪਹਿਲਾਂ ਹੀ ਸਿੱਖਿਆ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਹਨ। ਕਾਂਗਰਸ ਨੇਤਾਵਾਂ ਨੇ ਇਲਜ਼ਾਮ ਲਾਇਆ ਕਿ ਪਿਛਲੇ ਦਹਾਕੇ ਵਿੱਚ 152 ਪੇਪਰ ਲੀਕ ਹੋ ਚੁੱਕੇ ਹਨ ਅਤੇ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਪਰ ਸਰਕਾਰ ਦੋਸ਼ੀਆਂ ਵਿਰੁੱਧ ਕੋਈ ਠੋਸ ਕਾਰਵਾਈ ਕਰਨ ਦੀ ਬਜਾਏ ਸਿਸਟਮ ਨੂੰ ਕਮਜ਼ੋਰ ਕਰ ਰਹੀ ਹੈ।
ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਨੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਵਾਲ ਕੀਤਾ ਕਿ ਵਿਦਿਆਰਥੀਆਂ ਉੱਤੇ ਅੱਥਰੂ ਗੈਸ, ਲਾਠੀਚਾਰਜ, ਪੈਲੇਟ ਗੰਨ ਆਦਿ ਵਰਗੇ ਹਥਿਆਰ ਵਰਤਣ ਦੀ ਕੀ ਲੋੜ ਸੀ।
ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬ ਮੰਗਿਆ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੈਲੇਟ ਗੰਨ ਦੀ ਵਰਤੋਂ ਕਰਨ ਦੀ ਇਜਾਜ਼ਤ ਕਿਸ ਨੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਦੁੱਖ ਨੂੰ ਪ੍ਰਦਰਸ਼ਨਾਂ ਜ਼ਰੀਏ ਜ਼ਾਹਰ ਕੀਤਾ ਸੀ ਅਤੇ ਉਹ ਸਿੱਖਿਆ ਮੰਤਰੀ ਦਾ ਅਸਤੀਫਾ ਅਤੇ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਚਾਹੁੰਦੇ ਸਨ ਜਿਨ੍ਹਾਂ ਕਾਰਨ ਉਨ੍ਹਾਂ ਦਾ ਭਵਿੱਖ ਖਤਰੇ ਵਿਚ ਸੀ।
ਪ੍ਰਿਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਉੱਤੇ ਤੰਨਜ਼ ਕੱਸਦਿਆਂ ਇਹ ਵੀ ਕਿਹਾ ਕਿ ਜੇਕਰ ਤੁਸੀਂ ਨੌਜਵਾਨ ਪੀੜ੍ਹੀ (Gen Z) ਦਾ ਭਰੋਸਾ ਜਿੱਤਣਾ ਚਾਹੁੰਦੇ ਹੋ, ਤਾਂ ਵੱਖ-ਵੱਖ ਕੈਮਰੇ ਦੇ ਐਂਗਲਾਂ ਤੋਂ ਵੀਡੀਓ ਬਣਾਉਣ ਨਾਲ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਨੂੰ ਕੈਮਰੇ ਦੀ ਥਾਂ ਆਪਣੇ ਦਿਲ ਦਾ ਐਂਗਲ ਬਦਲਣ ਦੀ ਲੋੜ ਹੈ।
ਦੇਸ਼ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ 152 ਪੇਪਰ ਲੀਕ ਹੋ ਚੁੱਕੇ ਹਨ ਪਰ ਇੱਕ ਵੀ ਮਾਫ਼ੀਆ ਨੂੰ ਸਜ਼ਾ ਨਹੀਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਐਂਟੀ-ਪੇਪਰ ਲੀਕ ਬਿੱਲ ਪਾਸ ਹੋਣ ਤੋਂ ਬਾਅਦ ਵੀ ਹੁਣ ਤੱਕ ਇੱਕ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ ਹੈ। ਇਸ ਤੋਂ ਇਲਾਵਾ ਉਨ੍ਹਾਂ ਫਾਸਟ-ਟਰੈਕ ਕੋਰਟਾਂ ਦੇ ਰਿਕਾਰਡ ਉੱਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਨ੍ਹਾਂ ਦਾ ਰਿਕਾਰਡ ਬਹੁਤ ਮਾੜਾ ਹੈ ਅਤੇ ਇਸ ਮਾਮਲੇ ਵਿੱਚ ਤਾਂ ਪਹਿਲੀ ਸੁਣਵਾਈ 'ਤੇ ਸੀ.ਬੀ.ਆਈ. ਦਾ ਵਕੀਲ ਹੀ ਪੇਸ਼ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦੀ ਜਨਰੇਸ਼ਨ ਨੂੰ ਸਭ ਪਤਾ ਹੈ ਕਿ ਕੌਣ ਝੂਠ ਬੋਲ ਰਿਹਾ ਹੈ ਤੇ ਕੌਣ ਉਨ੍ਹਾਂ ਨੂੰ ਗੁਮਰਾਹ ਕਰ ਰਿਹਾ ਹੈ।

