ਧਮਾਕੇ ਮਗਰੋਂ ਪੁਲੀਸ ਨੇ ਚੌਕਸੀ ਵਧਾਈ
ਫਰੀਦਾਬਾਦ ਪੁਲੀਸ ਨੇ ਦਿੱਲੀ ਵਿੱਚ ਧਮਾਕੇ ਤੋਂ ਬਾਅਦ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਦਿੱਲੀ ਬੰਬ ਧਮਾਕੇ ਨਾਲ ਇੱਥੋਂ ਦੇ ਧੌਜ ਪਿੰਡ ਦੇ ਉੱਚ ਸਿੱਖਿਆ ਸੰਸਥਾਨ ਨਾਲ ਜੁੜੇ ਡਾਕਟਰਾਂ ਦੀ ਸ਼ਮੂਲੀਅਤ ਸਾਹਮਣੇ ਆਉਣ ਅਤੇ ਵਿਸਫੋਟਕ ਸਮੱਗਰੀ ਬਰਾਮਦ ਹੋਣ ਮਗਰੋਂ ਜ਼ਿਲ੍ਹਾ ਪੁਲੀਸ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਹਾਈ ਅਲਰਟ ਦੇ ਮੱਦੇਨਜ਼ਰ ਫਰੀਦਾਬਾਦ ਪੁਲੀਸ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ ਅਪਰਾਧ ਸ਼ਾਖਾ, ਟਰੈਫਿਕ ਪੁਲੀਸ ਅਤੇ ਸਥਾਨਕ ਪੁਲੀਸ ਦੀਆਂ ਸਾਂਝੀਆਂ ਟੀਮਾਂ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਸੜਕਾਂ, ਚੌਰਾਹਿਆਂ ਅਤੇ ਸੰਵੇਦਨਸ਼ੀਲ ਖੇਤਰਾਂ ’ਤੇ ਚੌਕੀਆਂ ਸਥਾਪਤ ਕਰ ਰਹੀਆਂ ਹਨ ਤਾਂ ਜੋ ਵਾਹਨਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਸਕੇ। ਇਸ ਕਾਰਵਾਈ ਦੌਰਾਨ ਪੁਲੀਸ ਵਾਹਨਾਂ, ਸ਼ੱਕੀ ਵਿਅਕਤੀਆਂ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਵਾਹਨਾਂ ਦੀ ਜਾਂਚ ਕਰ ਰਹੀ ਹੈ। ਸ਼ਹਿਰ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲੀਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਫਰੀਦਾਬਾਦ ਦੇ ਪੁਲੀਸ ਕਮਿਸ਼ਨਰ ਨੇ ਸਾਰੇ ਸਟੇਸ਼ਨ ਇੰਚਾਰਜਾਂ ਨੂੰ ਆਪਣੇ ਖੇਤਰਾਂ ਵਿੱਚ ਗਸ਼ਤ ਵਧਾਉਣ, ਭੀੜ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਚੌਕਸੀ ਬਣਾਈ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਉੱਚ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵੱਡੀ ਪੁਲਿਸ ਫੋਰਸ ਤਾਇਨਾਤ ਕਰਕੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ ਅਤੇ ਤੀਬਰ ਚੈਕਿੰਗ ਰਾਹੀਂ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਵਧਾਉਣਾ ਹੈ।
