ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਨਵੰਬਰ
ਦਿੱਲੀ ਵਿੱਚ ਘਾਤਕ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਅਗਲੇ 2-3 ਦਿਨਾਂ ਤੱਕ ਹਵਾ ਪ੍ਰਦੂਸ਼ਣ ਦੀ ਸਥਿਤੀ ਵਿੱਚ ਸੁਧਾਰ ਦੀ ਕੋਈ ਉਮੀਦ ਨਹੀਂ ਹੈ ਇਸ ਲਈ ਜਲਦੀ ਹੀ ਦਿੱਲੀ ਨਾਲ ਲੱਗਦੇ ਯੂਪੀ ਤੇ ਹਰਿਆਣਾ ਵਿੱਚ ਤਾਲਾਬੰਦੀ ਵਰਗੀਆਂ ਪਾਬੰਦੀਆਂ ਲਾਗੂ ਹੋ ਸਕਦੀਆਂ ਹਨ। ਦਰਅਸਲ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ ਕਿ ਉਹ ਪ੍ਰਦੂਸ਼ਣ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਾਲਾਬੰਦੀ ਲਈ ਤਿਆਰ ਹੈ। ਅਰਵਿੰਦ ਕੇਜਰੀਵਾਲ ਸਰਕਾਰ ਨੇ ਹਲਫਨਾਮੇ ‘ਚ ਇਹ ਵੀ ਮੰਗ ਕੀਤੀ ਹੈ ਕਿ ਦਿੱਲੀ ਨਾਲ ਲੱਗਦੇ ਐੱਨ.ਸੀ.ਆਰ., ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਤੇ ਹਰਿਆਣਾ ਦੇ ਸ਼ਹਿਰਾਂ ‘ਚ ਪੂਰਨ ਤਾਲਾਬੰਦੀ ਲਾਗੂ ਕੀਤੀ ਜਾਵੇ ਤਾਂ ਹੀ ਦਿੱਲੀ ‘ਚ ਫੈਲ ਰਹੇ ਜਾਨਲੇਵਾ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ।
ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਦੇ ਟਰਾਂਸਪੋਰਟ, ਮੈਟਰੋ ਤੇ ਵਾਤਾਵਰਨ ਵਿਭਾਗਾਂ ਨਾਲ ਮੀਟਿੰਗ ਹੋਈ ਜਿਸ ਵਿੱਚ ਟਰਾਂਸਪੋਰਟ ਦੀ ਸਮਰੱਥਾ ਵਧਾਉਣ ਬਾਰੇ ਵਿਚਾਰ ਕੀਤਾ ਗਿਆ ਹੈ। ਔਡ-ਈਵਨ ਤੋਂ ਪਰੇ ਲੌਕਡਾਊਨ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਲਈ ਕਿਹਾ ਹੈ ਤੇ ਉਨ੍ਹਾਂ ਨਾਲ ਬੈਠ ਕੇ ਕਾਰਜ ਯੋਜਨਾ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਦੀਵਾਲੀ ਤੋਂ ਬਾਅਦ ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ ‘ਤੇ ਚੱਲ ਰਿਹਾ ਹੈ। ਦਿੱਲੀ ਵਿੱਚ ਪ੍ਰਦੂਸ਼ਣ ਨਾਲ ਜੁੜੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਚੱਲ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਲੀ ਸਰਕਾਰ ਨੇ ਪ੍ਰਦੂਸ਼ਣ ‘ਤੇ ਐਮਰਜੈਂਸੀ ਮੀਟਿੰਗ ਕਰਕੇ ਲੌਕਡਾਊਨ ਵਰਗੀਆਂ ਪਾਬੰਦੀਆਂ ਦਾ ਐਲਾਨ ਕੀਤਾ ਸੀ। ਹਾਲਾਂਕਿ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਸ਼ਾਮਲ ਯੂਪੀ ਅਤੇ ਹਰਿਆਣਾ ਵਿੱਚ ਸਖਤ ਤਾਲਾਬੰਦੀ ਵਰਗੀਆਂ ਪਾਬੰਦੀਆਂ ਲਾਗੂ ਨਹੀਂ ਕੀਤੀਆਂ ਗਈਆਂ ਹਨ। ਇਹ ਵੱਖਰੀ ਗੱਲ ਹੈ ਕਿ ਹਰਿਆਣਾ ਸਰਕਾਰ ਨੇ ਗੁਰੂਗ੍ਰਾਮ ਅਤੇ ਫਰੀਦਾਬਾਦ ਸਮੇਤ ਐਨਸੀਆਰ ਸ਼ਹਿਰਾਂ ਵਿੱਚ ਸਕੂਲ ਯਕੀਨੀ ਤੌਰ ‘ਤੇ ਬੰਦ ਕਰ ਦਿੱਤੇ ਹਨ। ਇਸ ਲਈ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਐਨਸੀਆਰ ਦੇ ਹੋਰ ਸ਼ਹਿਰਾਂ ਵਿੱਚ ਵੀ ਤਾਲਾਬੰਦੀ ਲਾਗੂ ਕਰਨ ਦੀ ਮੰਗ ਕੀਤੀ ਹੈ।
ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੱਸ਼ਟ ਕੀਤਾ ਕਿ ਉਹ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ। ਉਹ ਪੂਰੀ ਤਰ੍ਹਾਂ ਲਾਕਡਾਊਨ ਲਈ ਵੀ ਤਿਆਰ ਹੈ ਪਰ ਜਦੋਂ ਤੱਕ ਦਿੱਲੀ ਨਾਲ ਲੱਗਦੇ ਯੂਪੀ ਤੇ ਹਰਿਆਣਾ ਵਿੱਚ ਅਜਿਹੀਆਂ ਪਾਬੰਦੀਆਂ ਲਾਗੂ ਨਹੀਂ ਹੁੰਦੀਆਂ ਉਦੋਂ ਤੱਕ ਇਸ ਦਾ ਕੋਈ ਫਾਇਦਾ ਨਹੀਂ ਹੋਵੇਗਾ। ਇਸ ਦੌਰਾਨ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਅਤੇ ਐੱਨਸੀਆਰ ‘ਚ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਅਹਿਮ ਸੁਣਵਾਈ ਕੀਤੀ। ਸੁਣਵਾਈ ਦੌਰਾਨ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਸੁਪਰੀਮ ਕੋਰਟ ‘ਚ ਕਿਹਾ ਗਿਆ ਹੈ ਕਿ ਵਧਦੇ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਪੂਰੀ ਤਰ੍ਹਾਂ ਲਾਕਡਾਊਨ ਲਗਾਉਣ ਲਈ ਤਿਆਰ ਹੈ।