ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦਾ ਪ੍ਰਕਾਸ਼ ਪੂਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਦਿੱਲੀ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗੁਰਦੁਆਰਿਆਂ ਵਿਚ ਇਸ ਸਬੰਧੀ ਸਮਾਗਮ ਕਰਵਾਏ ਗਏ। ਮੁੱਖ ਸਮਾਗਮ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਏ ਜਿਥੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਵੱਡੀ ਗਿਣਤੀ ਵਿਚ ਸਮਾਗਮ ’ਚ ਸ਼ਮੂਲੀਅਤ ਕੀਤੀ। ਬੀਤੀ ਰਾਤ ਹੋਏ ਸਮਾਗਮ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਲਕਾ ਨੇ ਮੌਕੇ ’ਤੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਗੁਰਬਾਣੀ ਤੇ ਰਾਗਾਂ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸ੍ਰੀ ਦਰਬਾਰ ਸਾਹਿਬ ਦੀ ਦਾਤ ਬਖਸ਼ੀ ਹੈ ਜਿਥੇ ਹਰ ਸਿੱਖ ਚਾਹੁੰਦਾ ਹੈ ਕਿ ਜਦੋਂ ਆਖਰੀ ਸਾਹ ਵੀ ਆਵੇ ਤਾਂ ਉੱਥੇ ਆਵੇ।
ਉਨ੍ਹਾਂ ਕਿਹਾ ਕਿ 11 ਰਾਗ ਗੁਰੂ ਰਾਮਦਾਸ ਨੇ ਸੰਗਤਾਂ ਨੂੰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਰਾਗਾਂ ’ਤੇ ਬਾਣੀ ਨਾਲ ਜੋੜਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਧਰਮ ਦੇ ਪ੍ਰਚਾਰ ਵਾਸਤੇ ਡੱਟ ਕੇ ਕੰਮ ਕਰ ਰਹੀ ਹੈ। ਦਿੱਲੀ ਗੁਰਦੁਆਰਾ ਕਮੇਟੀ ਧਰਮ ਪ੍ਰਚਾਰ ਦੇ ਨਾਲ ਨਾਲ ਸਮਾਜ ਭਲਾਈ ਦੇ ਖੇਤਰਾਂ ਵਿਚ ਵੀ ਵੱਧ ਚੜ੍ਹ ਕੇ ਕੰਮ ਕਰ ਰਹੀ ਹੈ ਤੇ ਨਾਲ ਹੀ ਲੋਕਾਂ ਨੂੰ ਮੈਡੀਕਲ ਸਹੂਲਤਾਂ ਵੀ ਦੇ ਰਹੀ ਹੈ।
ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦਾ ਪਾਠ ਕੀਤਾ
ਨਵੀਂ ਦਿੱਲੀ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਸ਼ਾਹਦਰਾ ਸਥਿਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਮੈਨੇਜਰ ਦਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਸਤਬਿੀਰ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਸਕੂਲ ਦੇ ਗੁਰਦੁਆਰਾ ਸਾਹਿਬ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਨੇ ਚੌਥੀ ਪਾਤਸ਼ਾਹੀ ਸਾਹਿਬ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਪ੍ਰਿੰਸੀਪਲ ਸਤਬਿੀਰ ਸਿੰਘ ਹੋਰਾਂ ਅਨੁਸਾਰ ਸਕੂਲ ਵਿੱਚ ਸਿਰਫ਼ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਹੀ ਨਹੀਂ ਮਨਾਏ ਜਾਂਦੇ ਹਨ ਬਲਕਿ ਸੰਗਰਾਂਦ ਦੇ ਮੌਕੇ ਉੱਤੇ ਵੀ ਸਟਾਫ਼ ਵੱਲੋਂ ਸੁਖਮਨੀ ਸਾਹਿਬ ਕੀਤੇ ਜਾਣ ਦੀ ਜੋ ਨਵੀਂ ਪਿਰਤ ਆਰੰਭ ਕੀਤੀ ਗਈ ਹੈ ਉਸ ਦੇ ਸਦਕਾ ਸਮੇਂ-ਸਮੇਂ ਤੇ ਸਟਾਫ ਵੱਲੋਂ ਸਕੂਲ ਗੁਰਦੁਆਰਾ ਸਾਹਿਬ ਵਿੱਚ ਹਾਜ਼ਰੀ ਭਰੀ ਜਾਂਦੀ ਹੈ। ਪਰਵਿੰਦਰ ਸਿੰਘ ਲੱਕੀ ਨੇ ਆਪਣੀ ਲਿਖਤੀ ਸੁਨੇਹੇ ਰਾਹੀਂ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਲਈ ਛੁੱਟੀ ਵਾਲੇ ਦਿਨ ਵਿਦਿਆਰਥੀਆਂ ਦਾ ਉਤਸ਼ਾਹ ਪੁੂਰਵਕ ਹਿੱਸਾ ਲੈਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਵਿਦਿਆਰਥੀਆਂ ਦੀ ਸ਼ਮੂਲੀਅਤ ਇਸੇ ਤਰ੍ਹਾਂ ਨਾਲ ਯਕੀਨੀ ਬਣਾਉਣ ਦੇ ਉਪਰਾਲੇ ਕੀਤੇ ਜਾਣਗੇ। ਪ੍ਰੋਗਰਾਮ ਦੀ ਵਿਸ਼ੇਸ਼ ਖਿੱਚ ਇਸ ਗੱਲ ਵਿੱਚ ਰਹੀ ਕਿ ਸਕੂਲ ਦੀ ਹੈੱਡ ਗਰਲ ਸਿਮਰਨਜੀਤ ਕੌਰ ਵੱਲੋਂ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਅਤੇ ਡਿਵਨਿਟੀ ਵਾਈਸ ਕੈਪਟਨ ਈਸ਼ਕਾ ਲੁਥਰਾ ਵੱਲੋਂ ਹੁਕਮਨਾਮੇ ਦੀ ਸੇਵਾ ਨਿਭਾਈ ਗਈ।