ਗੁਰੂ ਹਰਿਕ੍ਰਿਸ਼ਨ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਵਾਈਸ ਚੇਅਰਮੈਨ ਦਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਭੁਪਿੰਦਰਜੀਤ ਸਿੰਘ ਗੁਲਸ਼ਨ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ‘ਦੀਪਮਾਲਾ’ ਵੀ ਕੀਤੀ ਗਈ। ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਕਵਿਤਾਵਾਂ, ਸਾਖੀਆਂ ਅਤੇ ਭਾਸ਼ਣ ਰਾਹੀਂ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਵੱਲੋਂ ਸਹਿਜ ਪਾਠ ਦੀ ਸਮਾਪਤੀ ਸੰਗਤੀ ਰੂਪ ਵਿੱਚ ਕਰਨ ਉਪਰੰਤ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਰੋਹ ਵਿੱਚ ਖਿੱਚ ਦਾ ਕੇਂਦਰ ਵਿਦਿਆਰਥੀਆਂ ਦਾ ‘ਢਾਡੀ ਜੱਥਾ’ ਸੀ। ਇਸ ਵਿਦਿਆਰਥੀ ਜੱਥੇ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਭੈਣ ਬੇਬੇ ਨਾਨਕੀ ਦੇ ਪ੍ਰਸੰਗ ਨੂੰ ਬੜੇ ਭਾਵਪੂਰਨ ਸ਼ਬਦਾਂ ਰਾਹੀਂ ਬਿਆਨ ਕੀਤਾ ਗਿਆ। ਵਿਦਿਆਰਥੀਆਂ ਦੀ ਸੁੰਦਰ ਪੇਸ਼ਕਾਰੀ ਨੂੰ ਵੇਖਦੇ ਹੋਏ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਦੀ ਕਮੇਟੀ ਦੇ ਮੀਡੀਆ ਇੰਚਾਰਜ ਸੁਦੀਪ ਸਿੰਘ ਨੇ ਢਾਡੀ ਜਥੇ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸਾਹਿਬ ਵਿੱਚ ਆਪਣੀ ਪੇਸ਼ਕਾਰੀ ਕਰਨ ਦਾ ਸੱਦਾ ਦਿੱਤਾ। ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਮਨੋਹਰ ਸਿੰਘ ਨੇ ਵੀ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ।
