PrakashPurab: ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ’ਚ ਸਮਾਗਮ ਕਰਵਾਏ; ਸੰਗਤ ਨੇ ਗੁਰੂਘਰਾਂ ’ਚ ਮੱਥਾ ਟੇਕਿਆ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਗਿਆ, ਜਿੱਥੇ ਰਾਗੀ ਸਿੰਘਾਂ ਦੇ ਜਥਿਆਂ ਵੱਲੋਂ ਗੁਰੂ ਸਾਹਿਬ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮੁੱਚੀ ਸਿੱਖ ਕੌਮ ਲਈ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ’ਤੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਇਆ ਅਤੇ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਨਿਯੁਕਤ ਕਰਦਿਆਂ ਪਹਿਲਾ ਹੁਕਮਨਾਮਾ ਲੈਣ ਦਾ ਸੁਭਾਗ ਪ੍ਰਦਾਨ ਕੀਤਾ। ਉਨ੍ਹਾਂ ਦੱਸਿਆ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨੇ ਇਸ ਪਾਵਨ ਸਰੂਪ ਨੂੰ ਸੰਪੂਰਨਤਾ ਪ੍ਰਦਾਨ ਕਰਦਿਆਂ ਗੁਰੂ ਗ੍ਰੰਥ ਸਾਹਿਬ ਨੂੰ ਸਦਾ ਲਈ ਸਮੁੱਚੀ ਸਿੱਖ ਸੰਗਤ ਦੇ ਗੁਰੂ ਵਜੋਂ ਸਥਾਪਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਮਨੁੱਖ ਦੇ ਮਨ ਨੂੰ ਪਵਿੱਤਰ ਕਰਨ ਦੇ ਨਾਲ-ਨਾਲ ਉਸ ਨੂੰ ਸੱਚ, ਸੇਵਾ, ਸਿਮਰਨ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨ ਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਆਪਣੇ ਜੀਵਨ ਨੂੰ ਗੁਰਮਤਿ ਅਨੁਸਾਰ ਢਾਲਣ। ਇਸ ਮੌਕੇ ਭਾਈ ਪ੍ਰੇਮ ਸਿੰਘ ਬੰਧੂ ਦੇ ਕੀਰਤਨੀ ਜਥੇ ਨੂੰ ‘ਸਾਲ ਦੇ ਸਰਵੋਤਮ ਕੀਰਤਨੀਏ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸਨਮਾਨ ਵਜੋਂ 1 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੂਰਨ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦੇ ਫ਼ੈਸਲੇ ਤਹਿਤ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਹਿਤ ਯੋਗ ਬੱਚਿਆਂ ਦੀ ਸਕੂਲ ਫ਼ੀਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾ ਕਰੇਗੀ।
ਗੁਰਬਾਣੀ ’ਤੇ ਅਮਲ ਕਰਨ ਲਈ ਪ੍ਰੇਰਿਆ
ਨਰਾਇਣਗੜ੍ਹ (ਫਰਿੰਦਰ ਪਾਲ ਗੁਲਿਆਣੀ): ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਅਖੰਡ ਪਾਠ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਕਥਾ, ਕੀਰਤਨ ਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਸਕੱਤਰ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰਬਾਣੀ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸੰਗਤ ਨੂੰ ਵਾਹਿਗੁਰੂ ਦੇ ਜਾਪ ਰਾਹੀਂ ਨਾਮ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣ ਦੀ ਅਪੀਲ ਕੀਤੀ।

