ਮਨੀਪੁਰ ’ਚ ਰਾਸ਼ਟਰਪਤੀ ਸ਼ਾਸਨ ਖ਼ਤਮ: ਵਾਈ ਖੇਮਚੰਦ ਸਿੰਘ ਚੁਣੇ ਗਏ ਭਾਜਪਾ ਵਿਧਾਇਕ ਦਲ ਦੇ ਆਗੂ
ਨੇਮਚਾ ਕਿਪਗੇਨ ਹੋਵੇਗੀ ਸੂਬੇ ਦੀ ਪਹਿਲੀ ਮਹਿਲਾ ਕੁਕੀ ਡਿਪਟੀ ਮੁੱਖ ਮੰਤਰੀ
ਮਨੀਪੁਰ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਰਾਸ਼ਟਰਪਤੀ ਸ਼ਾਸਨ ਤੋਂ ਬਾਅਦ ਹੁਣ ਇੱਕ ਚੁਣੀ ਹੋਈ ਸਰਕਾਰ ਦੀ ਵਾਪਸੀ ਹੋਣ ਜਾ ਰਹੀ ਹੈ। ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਨੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਸਾਬਕਾ ਮੰਤਰੀ ਵਾਈ ਖੇਮਚੰਦ ਸਿੰਘ ਨੂੰ ਆਪਣਾ ਨੇਤਾ ਚੁਣ ਲਿਆ ਹੈ, ਜੋ ਹੁਣ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ।
ਇਸ ਦੇ ਨਾਲ ਹੀ ਸੂਬੇ ਵਿੱਚ ਜਾਤੀ ਤਣਾਅ ਨੂੰ ਘੱਟ ਕਰਨ ਅਤੇ ਸ਼ਾਂਤੀ ਸਥਾਪਿਤ ਕਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ, ਕੁਕੀ ਭਾਈਚਾਰੇ ਦੀ ਦਿੱਗਜ ਮਹਿਲਾ ਆਗੂ ਨੇਮਚਾ ਕਿਪਗੇਨ ਨੂੰ ਡਿਪਟੀ ਮੁੱਖ ਮੰਤਰੀ ਬਣਾਏ ਜਾਣ ਦੀ ਪੂਰੀ ਸੰਭਾਵਨਾ ਹੈ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਮੀਤੇਈ ਅਤੇ ਕੁਕੀ ਦੋਵਾਂ ਭਾਈਚਾਰਿਆਂ ਦੇ ਵਿਧਾਇਕਾਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ ਤਾਂ ਜੋ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਮਈ 2023 ਵਿੱਚ ਮੀਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਸ਼ੁਰੂ ਹੋਈ ਜਾਤੀ ਹਿੰਸਾ ਕਾਰਨ ਮਨੀਪੁਰ ਦੇ ਹਾਲਾਤ ਬੇਹੱਦ ਖ਼ਰਾਬ ਹੋ ਗਏ ਸਨ, ਜਿਸ ਵਿੱਚ ਘੱਟੋ-ਘੱਟ 260 ਲੋਕਾਂ ਦੀ ਜਾਨ ਗਈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ।
ਇਸ ਹਿੰਸਾ ਕਾਰਨ ਪਿਛਲੇ ਸਾਲ ਫਰਵਰੀ ਵਿੱਚ ਐਨ ਬੀਰੇਨ ਸਿੰਘ ਦੀ ਸਰਕਾਰ ਨੇ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ 13 ਫਰਵਰੀ 2025 ਤੋਂ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਸੀ। ਹੁਣ 12 ਫਰਵਰੀ 2026 ਨੂੰ ਰਾਸ਼ਟਰਪਤੀ ਸ਼ਾਸਨ ਦੀ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਨਵੀਂ ਸਰਕਾਰ ਦਾ ਗਠਨ ਕੀਤਾ ਜਾ ਰਿਹਾ ਹੈ। ਮੌਜੂਦਾ 60 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ ਕੋਲ 37 ਵਿਧਾਇਕ ਹਨ ਅਤੇ ਉਸ ਨੂੰ NPP ਤੇ NPF ਵਰਗੀਆਂ ਸਹਿਯੋਗੀ ਪਾਰਟੀਆਂ ਦਾ ਵੀ ਸਮਰਥਨ ਹਾਸਲ ਹੈ।

