ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਗਸਤ
‘ਆਪ’ ਦੀ ਵਿਧਾਇਕਾ ਆਤਿਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਮਹਿੰਗਾਈ ਵਰਗੀਆਂ ਵੱਡੀਆਂ ਸਮੱਸਿਆਵਾਂ ਨੂੰ ਹੱਲ ਨਾ ਕਰਨ ਅਤੇ ਰਾਜ ਸਰਕਾਰਾਂ ਨੂੰ ਢਾਹ ਲਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ। ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ‘ਆਪ’ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿੱਚ ਹਰ ਤਰ੍ਹਾਂ ਦੇ ਝੂਠੇ ਦੋਸ਼ ਲਗਾ ਕੇ ਤੇ ਹਰ ਤਰ੍ਹਾਂ ਦੇ ਝੂਠੇ ਕੇਸ ਪਾ ਕੇ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰਤ ਸੰਕਟ ਵਿੱਚੋਂ ਲੰਘ ਰਿਹਾ ਹੈ। ਭਾਰਤ ਦੇ ਸਾਹਮਣੇ ਬਹੁਤ ਸਾਰੀਆਂ ਵੱਡੀਆਂ ਸਮੱਸਿਆਵਾਂ ਹਨ। ਭਾਰਤ ਦੇ ਸਾਹਮਣੇ ਸਭ ਤੋਂ ਵੱਡਾ ਸੰਕਟ ਮਹਿੰਗਾਈ ਹੈ। ਅੱਜ ਮਹਿੰਗਾਈ ਆਪਣੇ ਸਿਖਰ ’ਤੇ ਹੈ। ਅੱਜ ਗਰੀਬੀ ਆਪਣੇ ਸਿਖਰ ’ਤੇ ਹੈ। ਇਸ ਦੇਸ਼ ਨੇ ਇੰਨੀ ਬੇਰੁਜ਼ਗਾਰੀ ਕਦੇ ਨਹੀਂ ਦੇਖੀ ਹੈ। ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਮਾਂ ਨਹੀਂ ਹੈ। ਇਸ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਦੀ ਪੂਰੀ ਊਰਜਾ ਤੇ ਮਿਹਨਤ ਇਸ ਗੱਲ ’ਤੇ ਕੇਂਦਰਿਤ ਹੈ ਕਿ ਰਾਜ ਸਰਕਾਰਾਂ ਨੂੰ ਕਿਵੇਂ ਹੇਠਾਂ ਲਿਆਂਦਾ ਜਾਵੇ। ਆਤਿਸ਼ੀ ਨੇ ਕਿਹਾ ਕਿ ਵੱਖ-ਵੱਖ ਰਾਜ ਸਰਕਾਰਾਂ ਨੂੰ ਡੇਗਣ ਲਈ ਵੱਖ-ਵੱਖ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਨੇਤਾਵਾਂ ’ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਫਿਰ ਸੀਬੀਆਈ ਅਤੇ ਈਡੀ ਦੇ ਛਾਪੇ ਮਾਰੇ ਜਾਂਦੇ ਹਨ ਤੇ ਫਿਰ ਭਾਜਪਾ ਉਨ੍ਹਾਂ ਨੇਤਾਵਾਂ ਨੂੰ ਪੈਸੇ ਦੀ ਪੇਸ਼ਕਸ਼ ਕਰਦੀ ਹੈ, ਜਿਨ੍ਹਾਂ ’ਤੇ ਏਜੰਸੀਆਂ ਦੁਆਰਾ ਦੋਸ਼ ਲਗਾਏ ਜਾਂਦੇ ਹਨ। ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵੀ ਅਜਿਹਾ ਹੀ ਗਵਾਹੀ ਦੇ ਰਹੀ ਹੈ। ਹਰ ਤਰ੍ਹਾਂ ਦੇ ਝੂਠੇ ਦੋਸ਼ ਲਗਾ ਕੇ ਅਤੇ ਹਰ ਤਰ੍ਹਾਂ ਦੇ ਝੂਠੇ ਕੇਸ ਬਣਾ ਕੇ ਦਿੱਲੀ ਵਿੱਚ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।