ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਅਗਸਤ
ਪ੍ਰਧਾਨ ਮੰਤਰੀ ਦੀ ‘ਦੋਸਤੀਵਾਦ’ ਕਾਰਨ ਹੀ ਆਜ਼ਾਦੀ ਦੇ 75 ਸਾਲਾਂ ਵਿੱਚ ਪਹਿਲੀ ਵਾਰ ਦੇਸ਼ ਵਿੱਚ ਅਜਿਹੀ ਸਥਿਤੀ ਪੈਦਾ ਹੋਈ ਹੈ ਕਿ ਕੇਂਦਰ ਸਰਕਾਰ ਦੁੱਧ, ਦਹੀਂ, ਆਟਾ, ਚੌਲਾਂ ’ਤੇ ਟੈਕਸ ਲਾ ਰਹੀ ਹੈ। ਪਹਿਲੀ ਵਾਰ ਅਜਿਹੀ ਸਥਿਤੀ ਪੈਦਾ ਹੋਈ ਹੈ ਕਿ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਸਰਕਾਰ ਸਕੂਲ, ਹਸਪਤਾਲ, ਬਜ਼ੁਰਗਾਂ ਲਈ ਪੈਨਸ਼ਨ, ਗਰੀਬਾਂ ਲਈ ਰਾਹਤ ਸਕੀਮਾਂ ਨਹੀਂ ਬਣਾ ਸਕਦੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ-ਕਾਨਫ਼ਰੰਸ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਧਰ-ਉਧਰ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਥਾਂ ਇਹ ਦੱਸਣ ਕਿ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਤਿਜੋਰੀਆਂ ਕਿਉਂ ਭਰੀਆਂ ਜਾਣ। ਸ੍ਰੀ ਸਿਸੋਦੀਆ ਨੇ ਕਿਹਾ ਕਿ ਅੱਜ ਦੇਸ਼ ਦੀ ਅਰਥਵਿਵਸਥਾ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿਉਂਕਿ ਕੇਂਦਰ ਸਰਕਾਰ ਨੇ ਜਨਤਾ ਦੇ ਟੈਕਸ ਦਾ ਪੈਸਾ ਮੋਦੀ ਜੀ ਦੇ ਦੋਸਤਾਂ ਦੀਆਂ ਤਿਜੋਰੀਆਂ ਭਰਨ ਲਈ ਖਰਚ ਕਰ ਦਿੱਤਾ, 5 ਲੱਖ ਕਰੋੜ ਰੁਪਏ ਦੇ ਟੈਕਸ ਅਤੇ 10 ਲੱਖ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੂੰ ਵੀ ਇਹ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਵੀ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਇਧਰ ਉਧਰ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਦੀ ਦੋਸਤੀ ਕਾਰਨ ਦੇਸ਼ ਦੀ ਆਰਥਿਕਤਾ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ।