ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਸਤੰਬਰ
ਕ੍ਰਾਂਤੀਕਾਰੀ ਯੁਵਾ ਸੰਗਠਨ (ਕੇਵਾਈਐੱਸ) ਨੇ ਅੱਜ ਦਿੱਲੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਵਿੱਚ ਮੁੰਡਕਾ ਵਿੱਚ ਸੀਵਰੇਜ ਦੀ ਸਫਾਈ ਕਰਦੇ ਸਮੇਂ ਦੋ ਸਫਾਈ ਕਰਮਚਾਰੀਆਂ ਦੀ ਮੌਤ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਆਮ ਵਿਦਿਆਰਥੀਆਂ ਤੋਂ ਇਲਾਵਾ ਦਿੱਲੀ ਦੀਆਂ ਵੱਖ-ਵੱਖ ਸੰਸਥਾਵਾਂ ਦੇ ਸਫ਼ਾਈ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਦੌਰਾਨ ਭਾਰਤ ਦਾ ਝੰਡਾ ਚੁੱਕ ਕੇ ਵਿਅੰਗ ਜ਼ਾਹਰ ਕੀਤਾ ਗਿਆ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਫ਼ਾਈ ਕਰਮਚਾਰੀਆਂ ਨੂੰ ਗਟਰਾਂ ਤੇ ਸੀਵਰਾਂ ਵਿੱਚ ਰੁਲ ਕੇ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਕੇਵਾਈਐਸ ਨੇ ਮੁੰਡਕਾ ਵਿੱਚ ਸਫ਼ਾਈ ਕਰਮਚਾਰੀਆਂ ਦੀ ਮੌਤ ਦੇ ਮਾਮਲੇ ਵਿੱਚ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਜ਼ਿਕਰਯੋਗ ਹੈ ਕਿ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਸੀਵਰੇਜ ਵਿੱਚ ਜਾਣ ਲਈ ਮਜਬੂਰ ਕੀਤਾ ਗਿਆ ਸੀ ਅਤੇ ਸੀਵਰ ਦੀ ਸਫ਼ਾਈ ਕਰਦੇ ਸਮੇਂ ਦਮ ਘੁਟਣ ਨਾਲ ਦੋਵਾਂ ਦੀ ਮੌਤ ਹੋ ਗਈ ਸੀ। ਇਹ ਗੈਰ-ਕਾਨੂੰਨੀ ਵਰਤਾਰਾ ਆਜ਼ਾਦੀ ਦੇ 75 ਸਾਲ ਬਾਅਦ ਵੀ ਜਾਰੀ ਹੈ। ਦਿੱਲੀ ਸਟੇਟ ਕਮੇਟੀ ਮੈਂਬਰ ਭੀਮ ਕੁਮਾਰ ਨੇ ਕਿਹਾ ਕਿ ਜਿੱਥੇ ਭਾਰਤ ਸਰਕਾਰ ਚੰਦਰਮਾ ’ਤੇ ਜਾਣ ਲਈ ਆਪਣੀ ਪਿੱਠ ਥਪਥਪਾਉਂਦੀ ਹੈ, ਉਥੇ ਹੀ ਦੂਜੇ ਪਾਸੇ ਦੇਸ਼ ‘ਚ ਮਸ਼ੀਨੀਕਰਨ ਦੀ ਘਾਟ ਕਾਰਨ ਸਫ਼ਾਈ ਕਰਮਚਾਰੀ ਲਗਾਤਾਰ ਸੀਵਰਾਂ ਵਿੱਚ ਮਰ ਰਹੇ ਹਨ| ਵਿਦਿਆਰਥੀਆਂ ਨੇ ਕਿਹਾ ਕਿ ਇਸ ਸਮੱਸਿਆ ਦੇ ਲਗਾਤਾਰ ਵਧਣ ਨਾਲ, ਸਰਕਾਰਾਂ ਦੀ ਬੇਰੁਖ਼ੀ ਅਜਿਹੇ ਹਾਦਸੇ ਵਾਪਰਦੇ ਰਹਿਣ ਨੂੰ ਯਕੀਨੀ ਬਣਾਉਂਦੀ ਹੈ। ਇਸ ਤੋਂ ਇਲਾਵਾ ਕਿਰਤ ਕਾਨੂੰਨ ਲਾਗੂ ਨਾ ਹੋਣ ਦੀ ਸੂਰਤ ਵਿੱਚ ਪ੍ਰਾਈਵੇਟ ਠੇਕੇਦਾਰਾਂ ਨੂੰ ਸ਼ੋਸ਼ਣ ਕਰਨ ਦੀ ਖੁੱਲ੍ਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੇਵਾਈਐਸ ਮੰਗ ਕਰਦੀ ਹੈ ਕਿ ਸਫ਼ਾਈ ਕਰਮਚਾਰੀਆਂ ਦੀ ਮੌਤ ਲਈ ਜ਼ਿੰਮੇਵਾਰ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇ।