ਕਲਿਆਣਪੁਰੀ ਵਿੱਚ ਸਫ਼ਾਈ ਮੁਲਾਜ਼ਮ ਦੇ ਕਤਲ ਦਾ ਮਾਮਲਾ ਭਖ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਦੂਜੇ ਦਿਨ ਲਾਲ ਬਹਾਦੁਰ ਸ਼ਾਸਤਰੀ ਹਸਪਤਾਲ ਵਿੱਚ ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਲਈ ਸਰਕਾਰੀ ਨੌਕਰੀ ਦੀ ਮੰਗ ਲਈ ਨਿਗਮ ਦੇ ਸਫ਼ਾਈ ਮੁਲਾਜ਼ਮਾਂ ਨੇ ਮੁਜ਼ਾਹਰਾ ਕੀਤਾ। ਇਸ ਦੌਰਾਨ ਅੱਜ ਤੜਕੇ ਦਿੱਲੀ ਪੁਲੀਸ ਨੇ ਪੀੜਤ ਕੋਂਡਲੀ ਤੋਂ ‘ਆਪ’ ਵਿਧਾਇਕ ਕੁਲਦੀਪ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ। ‘ਆਪ’ ਆਗੂਆਂ ਨੇ ਕਿਹਾ ਕਿ ਪੀੜਤ ਪਰਿਵਾਰ ਦੀ ਹਮਾਇਤ ਕਾਰਨ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਪੁਲੀਸ ਪਰਿਵਾਰ ’ਤੇ ਲਾਸ਼ ਦੇ ਸਸਕਾਰ ਲਈ ਦਬਾਅ ਬਣਾ ਰਹੀ ਹੈ। ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਜਦੋਂ ਮੁਆਵਜ਼ਾ ਨਹੀਂ ਮਿਲਦਾ ਉਦੋਂ ਤੱਕ ਲਾਸ਼ ਦਾ ਸਸਕਾਰ ਨਹੀਂ ਕੀਤਾ ਜਾਂਦਾ। ਦੂਜੇ ਪਾਸੇ ਵਿਧਾਇਕ ਦੀ ਗ੍ਰਿਫ਼ਤਾਰੀ ਮਗਰੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਦਿੱਲੀ ਪੁਲੀਸ ਵਿਧਾਇਕ ਕੁਲਦੀਪ ਕੁਮਾਰ ਨੂੰ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਕਿਸੇ ‘ਅਣਜਾਣ ਥਾਂ ’ਤੇ ਲੈ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਸੀ ਸੀ ਟੀ ਵੀ ਕੈਮਰੇ ਤੋੜ ਦਿੱਤੇ ਅਤੇ ਡੀ ਵੀ ਆਰ ਨਾਲ ਲੈ ਗਈ। ਉਨ੍ਹਾਂ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਜੀ ਸਾਡਾ ਵਿਧਾਇਕ ਕੁਮਾਰ ਕਿੱਥੇ ਹੈ, ਦਿੱਲੀ ਪੁਲੀਸ ਕੁਝ ਨਹੀਂ ਦੱਸ ਰਹੀ। ਜੇਕਰ ਪੁਲੀਸ ਕਿਸੇ ਵਿਧਾਇਕ ਨੂੰ ਬਿਨਾਂ ਕਿਸੇ ਨੋਟਿਸ ਜਾਂ ਕਾਰਨ ਦੇ ਘਰੋਂ ਚੁੱਕ ਸਕਦੀ ਹੈ ਤਾਂ ਆਮ ਆਦਮੀ ਮਦਦ ਲਈ ਕਿੱਥੇ ਜਾਵੇਗਾ। ਇਹ ਦੇਸ਼ ਤੁਹਾਡੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗਾ।’’ ਆਮ ਆਦਮੀ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਦੋਸ਼ ਲਗਾਇਆ ਕਿ ਸਾਦੇ ਕੱਪੜਿਆਂ ਵਿੱਚ ਲਗਭਗ 20 ਪੁਲੀਸ ਵਾਲੇ ਕੁਮਾਰ ਦੇ ਘਰ ਆਏ ਅਤੇ ਉਨ੍ਹਾਂ ਨੂੰ ਚੁੱਕ ਕੇ ਲੈ ਗਏ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਦਿੱਲੀ ਪੁਲੀਸ ਸਫਾਈ ਮੁਲਾਜ਼ਮ ਦੇ ਪਰਿਵਾਰ ’ਤੇ ਉਸ ਦਾ ਸਸਕਾਰ ਕਰਨ ਲਈ ਦਬਾਅ ਬਣਾ ਰਹੀ ਹੈ। ਪਾਰਟੀ ਆਗੂਆਂ ਨੇ ਕੁਮਾਰ ਦੀ ਹਿਰਾਸਤ ਨੂੰ ਉਨ੍ਹਾਂ ਦੇ ਸਮਰਥਨ ਨਾਲ ਜੋੜਿਆ ਹੈ। ਬੀਤੇ ਦਿਨੀਂ ਕਲਿਆਣਪੁਰੀ ਵਿੱਚ ਡਿਊਟੀ ’ਤੇ ਤਾਇਨਾਤ ਸਫਾਈ ਮੁਲਾਜ਼ਮ ਅਨਿਲ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਰੋਸ ਵਜੋਂ ਪ੍ਰਦਰਸ਼ਨਕਾਰੀ ਮ੍ਰਿਤਕ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ। ‘ਆਪ’ ਨੇਤਾ ਆਤਿਸ਼ੀ, ਸੰਜੇ ਸਿੰਘ ਅਤੇ ਸੰਜੀਵ ਝਾਅ ਨੇ ਵੀ ਪੁਲੀਸ ਕਾਰਵਾਈ ’ਤੇ ਸਵਾਲ ਚੁੱਕੇ ਹਨ। ਆਤਿਸ਼ੀ ਨੇ ਇਸ ਸਬੰਧ ਵਿੱਚ ਅਦਾਲਤ ਜਾਣ ਦੀ ਵੀ ਗੱਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਇਹ ਨਹੀਂ ਦੱਸਿਆ ਕਿ ਵਿਧਾਇਕ ਕੁਲਦੀਪ ਕੁਮਾਰ ਨੂੰ ਕਿੱਥੇ ਲਿਜਾਇਆ ਗਿਆ ਹੈ।
ਵਿਧਾਇਕ ਕੁਲਦੀਪ ਕੁਮਾਰ ਰਿਹਾਅ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਪੁਲੀਸ ਨੇ ਦੱਸਿਆ ਕਿ ‘ਆਪ’ ਵਿਧਾਇਕ ਕੁਲਦੀਪ ਕੁਮਾਰ, ਜੋ ਇੱਕ ਸਫਾਈ ਮੁਲਾਜ਼ਮ ਦੇ ਕਤਲ ਖ਼ਿਲਾਫ਼ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸਨ, ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਅਤੇ ਹੁਣ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜਸਟਿਸ ਨਵੀਨ ਚਾਵਲਾ ਅਤੇ ਰਵਿੰਦਰ ਡੁਡੇਜਾ ਦੇ ਬੈਂਚ ਨੇ ਕਿਹਾ ਕਿ ਵਿਧਾਇਕ ਦੀ ਰਿਹਾਈ ਮਗਰੋਂ ਪਟੀਸ਼ਨ ਦਾ ਉਦੇਸ਼ ਪੂਰਾ ਹੋ ਗਿਆ ਹੈ। -ਪੀਟੀਆਈ
10 ਲੱਖ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਵਾਂਗੇ: ਮੇਅਰ
ਨਵੀਂ ਦਿੱਲੀ: ਦਿੱਲੀ ਦੇ ਮੇਅਰ ਪਰਵੇਸ਼ ਵਾਹੀ ਨੇ ਕਿਹਾ ਕਿ ਸਫ਼ਾਈ ਮੁਲਾਜ਼ਮ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਪੀਟੀਆਈ ਨਾਲ ਗੱਲਬਾਤ ਕਰਦਿਆਂ ਵਾਹੀ ਨੇ ਦੱਸਿਆ ਕਿ ਚਾਕੂ ਮਾਰਨ ਦੀ ਘਟਨਾ ਨਿੱਜੀ ਕਾਰਨਾਂ ਕਰਕੇ ਹੋਈ ਲੱਗਦੀ ਹੈ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹਨ। ਉਨ੍ਹਾਂ ਪਹਿਲਾਂ ਹੀ ਅਧਿਕਾਰੀਆਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਦੂਜੇ ਪਾਸੇ ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। -ਪੀਟੀਆਈ

