ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਸਤੰਬਰ
ਸ਼੍ਰੋਮਣੀ ਅਕਾਲੀ ਦਲ ਵਿੱਚ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਦੀ ਹੋੜ ਲੱਗੀ ਪਈ ਹੈ ਤੇ ਆਏ ਦਿਨ ਕੋਈ ਨਾ ਕੋਈ ਆਗੂ ਆਪੋ-ਆਪਣੇ ਵਾਰਡਾਂ ਅਜਿਹਾ ਕਰ ਰਿਹਾ ਹੁੰਦਾ ਹੈ। ਪੂਰਬੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਜਿਸ ਵਿਚ ਨੌਜਵਾਨ ਵਰਗ ਦੀ ਗਿਣਤੀ ਜ਼ਿਆਦਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਪੂਰਬੀ ਦਿੱਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਕਾਫ਼ੀ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਸਮਰਦੀਪ ਸਿੰਘ ਸੰਨੀ ਦੇ ਯਤਨਾਂ ਸਦਕਾ ਵੱਡੀ ਗਿਣਤੀ ਨੌਜਵਾਨਾਂ ਨੇ ਪਾਰਟੀ ਦੀ ਮੈਂਬਰਸ਼ਿਪ ਲਈ। ਬਲਜਿੰਦਰ ਸਿੰਘ ਨੂੰ ਪਾਰਟੀ ਨੇ ਦਿੱਲੀ ਇਕਾਈ ਵਿਚ ਸੰਯੁਕਤ ਸਕੱਤਰ ਦਾ ਅਹੁਦਾ ਦਿੱਤਾ ਤੇ ਗੁਰਪ੍ਰੀਤ ਸਿੰਘ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਗੋਬਿੰਦ ਐਨਕਲੇਵ ‘ਚ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਯਮੁਨਾਪਾਰ ਤੋਂ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਦਾ ਪਾਰਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਨੌਜਵਾਨ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਸਲਾਹਕਾਰ ਜਸਪ੍ਰੀਤ ਸਿੰਘ ਵਿੱਕੀ ਮਾਨ, ਸਮਰਦੀਪ ਸਿੰਘ ਸੰਨੀ ਨੇ ਸਵਾਗਤ ਕੀਤਾ।