ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਫਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕਰਨ ਲਈ ਸਖ਼ਤ ਹੱਥੀਂ ਲਿਆ ਹੈ । ਦਰਅਸਲ ਦਿੱਲੀ ਸਰਕਾਰ ਦੇ ਸਟੇਟ ਕੌਂਸਲ ਆਫ ਐਜ਼ੂਕੇਸ਼ਨਲ ਰਿਸਰਚ ਐਂਡ ਸਿਖਲਾਈ ਵਿਭਾਗ ਵੱਲੋਂ ਪਾਠਕ੍ਰਮ ਸੁਧਾਰ ਕਮੇਟੀ ਦਾ ਗਠਨ ਕਰਕੇ ਸਕੂਲਾਂ ’ਚ ਪੜ੍ਹਾਈਆਂ ਜਾਣ ਵਾਲੀਆਂ ਭਾਸ਼ਾਵਾਂ ਅਤੇ ਵਿਸ਼ਿਆਂ ਦੇ ਪਾਠਕ੍ਰਮ ’ਚ ਸੋਧ ਕਰਨ ਲਈ ਕਿਹਾ ਹੈ ਜਿਸ ’ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੀਆਂ ਪੱਖਪਾਤੀ ਅਤੇ ਗਲਤ ਨੀਤੀਆਂ ਕਾਰਨ ਦਿੱਲੀ ਵਿੰਚ ਪੰਜਾਬੀ ਭਾਸ਼ਾ ਦਾ ਵਜੂਦ ਖਤਮ ਹੋਣ ਕੰਡੇ ਹੈ। ਸਰਕਾਰੀ ਸਕੂਲਾਂ ’ਚ ਪੰਜਾਬੀ ਅਧਿਆਪਕਾਂ ਦੀ ਗਿਣਤੀ ’ਚ ਲਗਾਤਾਰ ਗਿਰਾਵਟ ਆ ਰਹੀ ਹੈ । ਅਜਿਹੇ ’ਚ ਦਿੱਲੀ ਦੇ ਸਰਕਾਰੀ ਸਕੂਲਾਂ ’ਚ ਜਿਹੜੇ ਬਚੇ-ਖੁਚੇ ਪੰਜਾਬੀ ਅਧਿਆਪਕ ਹਨ, ਉਨ੍ਹਾਂ ਨੂੰ ਵੀ ਨੌਕਰੀ ’ਚ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਮਾਮੂਲੀ ਤਨਖ਼ਾਹ ਅਦਾ ਕਰਕੇ ਇਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਮੁੱਖ ਏਜੰਡਾ ਦਿੱਲੀ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਦੂਰ ਕਰਨਾ ਹੈ। ਕਾਲਕਾ-ਕਾਹਲੋਂ ਨੇ ਦੋਸ਼ ਲਗਾਇਆ ਕਿ ਇਕ ਪਾਸੇ ਤਾਂ ਕੇਜਰੀਵਾਲ ਪੰਜਾਬ ’ਚ ਚੋਣ ਜਿੱਤਣ ਲਈ ਖੁਦ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬੀਆਂ ਦਾ ਸਭ ਤੋਂ ਵੱਡਾ ਹਮਦਰਦ ਦੱਸ ਕੇ ਵੋਟਾਂ ਮੰਗ ਰਿਹਾ ਹੈ ਅਤੇ ਉਥੇ ਹੀ ਦਿੱਲੀ ’ਚ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਰਹਿਣ ਦੇ ਬਾਵਜੂਦ ਪੰਜਾਬੀ ਭਾਸ਼ਾ ਦਾ ਵਜੂਦ ਖਤਮ ਕਰਨ ਅਤੇ ਪੰਜਾਬੀ ਦੇ ਅਧਿਆਪਕਾਂ ਨੂੰ ਤਸੀਹੇ ਦੇਣ ਦੀ ਮੁੱਖ ਭੂਮਿਕਾ ਨਿਭਾ ਰਿਹਾ ਹੈ । ਇਹੋ ਨਹੀਂ ਦਿੱਲੀ ’ਚ ਪੰਜਾਬੀ ਅਕਾਦਮੀ ਦੇ ਸਾਲਾਨਾ ਬਜਟ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਪੂਰੀ ਤਰ੍ਹਾਂ ਵਰਤੋਂ ’ਚ ਨਹੀਂ ਲਿਆਂਦਾ ਜਾ ਰਿਹਾ। ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਚਿੱਠੀ ਰਾਹੀਂ ਕਈ ਵਾਰੀ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਸਰਕਾਰੀ ਸਕੂਲਾਂ ਦੇ ਪਾਠਕ੍ਰਮ ’ਚ ਸ਼ਾਮਲ ਕੀਤੇ ਜਾਣ ਦੀ ਬੇਨਤੀ ਕਰਨ ਦੇ ਬਾਵਜੂਦ ਇਸ ਮੰਗ ਨੂੰ ਹਮੇਸ਼ਾ ਠੰਡੇ ਬਸਤੇ ’ਚ ਪਾ ਦਿੱਤਾ ਜਾਂਦਾ ਹੈ।