Rahul Gandhi CBI: ਸੀ ਬੀ ਆਈ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪਟੀਸ਼ਨਕਰਤਾ ਅਗਲੇ ਹਫ਼ਤੇ ਤਲਬ
ਭਾਜਪਾ ਮੈਂਬਰ ਵਿਗਨੇਸ਼ ਸ਼ਿਸ਼ਿਰ ਨੂੰ ਸੋਮਵਾਰ ਨੂੰ ਸੀ ਬੀ ਆਈ ਦਫ਼ਤਰ ਪਹੁੰਚਣ ਲਈ ਕਿਹਾ
Rahul Gandhi CBI: ਸੀ ਬੀ ਆਈ ਨੇ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲਗਾਉਣ ਵਾਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰ ਵਿਗਨੇਸ਼ ਸ਼ਿਸ਼ਿਰ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ ਬਾਰੇ ਸ਼ਿਸ਼ਿਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੀ ਬੀ ਆਈ ਦਫ਼ਤਰ ਬੁਲਾਇਆ ਗਿਆ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਕਹਿੰਦਿਆਂ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਮਾਮਲਾ ਅਜੇ ਅਦਾਲਤ ਵਿੱਚ ਵਿਚਾਰ ਅਧੀਨ ਹੈ।
ਜਾਂਚ ਏਜੰਸੀਆਂ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ
ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 12 ਮਈ ਨੂੰ ਇਸ ਮਾਮਲੇ ਵਿੱਚ ਬੰਦ ਕਮਰੇ ਵਿੱਚ ਕਰੀਬ ਦੋ ਘੰਟੇ ਤੱਕ ਸੁਣਵਾਈ ਕੀਤੀ ਸੀ। ਹਾਈ ਕੋਰਟ ਦੀ ਵੈੱਬਸਾਈਟ ਉੱਤੇ 14 ਮਈ ਨੂੰ ਉਪਲਬਧ ਕਰਵਾਏ ਗਏ ਹੁਕਮ ਵਿੱਚ ਜਸਟਿਸ ਆਰ ਐੱਸ ਚੌਹਾਨ ਅਤੇ ਜਸਟਿਸ ਬੀ ਆਰ ਸਿੰਘ ਦੇ ਬੈਂਚ ਨੇ ਕਿਹਾ ਸੀ ਕਿ ਸੀ ਬੀ ਆਈ ਨੇ ਸੂਚਿਤ ਕੀਤਾ ਹੈ ਕਿ ਉਸ ਨੂੰ ਪਟੀਸ਼ਨਕਰਤਾ ਦੀ ਸ਼ਿਕਾਇਤ ਮਿਲ ਗਈ ਹੈ ਅਤੇ ਉਹ ਅੱਠ ਹਫ਼ਤੇ ਦੇ ਅੰਦਰ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰੇਗੀ। ਸ਼ਿਸ਼ਿਰ ਨੇ ਅਪਰਾਧਿਕ ਰਿੱਟ ਪਟੀਸ਼ਨ ਵਿੱਚ ਗਾਂਧੀ ਉੱਤੇ ਦੋਸ਼ ਲਾਇਆ ਹੈ ਕਿ ਕਾਂਗਰਸ ਨੇਤਾ ਨੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਪਟੀਸ਼ਨ ਵਿੱਚ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਅਤੇ ਈ ਡੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਦੇ ਹੁਕਮ ਵਿੱਚ ਜਸਟਿਸ ਆਰ ਐੱਸ ਚੌਹਾਨ ਅਤੇ ਜਸਟਿਸ ਬੀ ਆਰ ਸਿੰਘ ਦੀ ਬੈਂਚ ਨੇ ਕਿਹਾ ਸੀ ਕਿ ਜੇਕਰ ਪਟੀਸ਼ਨਕਰਤਾ ਸ਼ਿਸ਼ਿਰ ਦੀ ਸ਼ਿਕਾਇਤ ਪ੍ਰਾਪਤ ਹੋਈ ਹੈ ਤਾਂ ਦੋਸ਼ਾਂ ਦੀ ਕਾਨੂੰਨ ਅਨੁਸਾਰ ਤਸਦੀਕ ਕੀਤੀ ਜਾ ਸਕਦੀ ਹੈ। ਬੈਂਚ ਨੇ ਸੀ ਬੀ ਆਈ ਅਤੇ ਈ ਡੀ ਤੋਂ ਇਲਾਵਾ ਕੇਂਦਰ ਸਰਕਾਰ ਦੇ ਅਮਲਾ ਅਤੇ ਸਿਖਲਾਈ ਵਿਭਾਗ, ਮਾਲ ਵਿਭਾਗ, ਵਿੱਤ ਮੰਤਰਾਲੇ, ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਅਤੇ ਐੱਸ ਐੱਫ ਆਈ ਓ ਨੂੰ ਵੀ ਰਾਹੁਲ ਗਾਂਧੀ ਖ਼ਿਲਾਫ਼ ਲਗਾਏ ਗਏ ਦੋਸ਼ਾਂ ਉੱਤੇ ਅੱਠ ਹਫ਼ਤੇ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ।

