Rain likely in coming days: IMD: ਦਿੱਲੀ ਵਿੱਚ ਧੁੱਪ ਖਿੜੀ; ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਪੇਸ਼ੀਨਗੋਈ
ਨਵੀਂ ਦਿੱਲੀ, 21 ਜਨਵਰੀ
ਕੌਮੀ ਰਾਜਧਾਨੀ ਵਿਚ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਦਿੱਲੀ ਵਿੱਚ ਅੱਜ ਚੰਗੀ ਧੁੱਪ ਖਿੜੀ ਪਰ ਸਵੇਰ ਵੇਲੇ ਧੁੰਦ ਛਾਈ ਰਹੀ। ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 3.7 ਡਿਗਰੀ ਵੱਧ ਹੈ ਜਦੋਂ ਕਿ ਘੱਟੋ-ਘੱਟ ਤਾਪਮਾਨ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 3.1 ਡਿਗਰੀ ਵੱਧ ਹੈ। ਇੱਥੇ ਨਮੀ ਦਾ ਪੱਧਰ 69 ਤੋਂ 83 ਫੀਸਦੀ ਦਰਮਿਆਨ ਰਿਹਾ। ਮੌਸਮ ਵਿਭਾਗ ਨੇ ਭਲਕ ਸ਼ਾਮ ਅਤੇ ਰਾਤ ਵੇਲੇ ਗਰਜ਼-ਤੂਫਾਨ ਦੇ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇੱਥੇ ਸਵੇਰ ਦੇ ਸਮੇਂ ਦੌਰਾਨ ਜ਼ਿਆਦਾਤਰ ਖੇਤਰਾਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਇੱਥੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 22 ਡਿਗਰੀ ਸੈਲਸੀਅਸ ਅਤੇ 11 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਦਿੱਲੀ ਵਿਚ ਏਅਰ ਕੁਆਲਿਟੀ ਇੰਡੈਕਸ 289 ਦਰਜ ਕੀਤਾ ਗਿਆ ਜੋ ਖਰਾਬ ਸ਼੍ਰੇਣੀ ਵਿਚ ਦਰਜ ਹੈ। ਪੀਟੀਆਈ