ਰਣਜੀਤ ਕੌਰ ਬਣੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਦੀ ਚੇਅਰਪਰਸਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ ਨੂੰ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਚੇਅਰਪਰਸਨ ਅਤੇ ਅਮਰਜੀਤ ਸਿੰਘ ਫਤਿਹ ਨਗਰ ਕੋ ਚੇਅਰਪਰਸਨ ਚੁਣੇ ਗਏ ਹਨ। ਉਨ੍ਹਾਂ ਦੇ ਅਹੁਦਾ ਸੰਭਾਲਣ ਨੂੰ ਲੈ ਕੇ ਅੱਜ ਇੰਸਟੀਚਿਊਟ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 2021 ਤੋਂ ਪਹਿਲਾਂ ਕੋਰੋਨਾ ਕਾਲ ਵਿਚ ਉਨ੍ਹਾਂ ਦੀ ਟੀਮ ਨੇ ਸੰਗਤ ਦੀ ਸੇਵਾ ਕੀਤੀ ਅਤੇ 14 ਮਹੀਨਿਆਂ ਤੱਕ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਦੇਣ ਆਏ ਕਿਸਾਨਾਂ ਦੀ ਵੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਿਹਤ ਅਤੇ ਸਿੱਖਿਆ ਖੇਤਰ ਵਿਚ ਵੀ ਸੇਵਾ ਕੀਤੀ ਜਿਸ ਦੀ ਬਦੌਲਤ ਹੀ 2021 ਦੀਆਂ ਚੋਣਾਂ ਵਿਚ ਸੰਗਤਾਂ ਨੇ ਉਨ੍ਹਾਂ ਨੂੰ ਮੁੜ ਸੰਭਾਲਣ ਦਾ ਮੌਕਾ ਦਿੱਤਾ। ਇਸ ਮੌਕੇ ਬੀਬੀ ਰਣਜੀਤ ਕੌਰ ਤੇ ਅਮਰਜੀਤ ਸਿੰਘ ਫਤਿਹ ਨਗਰ ਨੇ ਸੇਵਾ ਸੌਂਪਣ ਲਈ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਸਮੇਤ ਸਾਰੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦੁਆਇਆ ਕਿ ਉਹ ਇਸ ਇਤਿਹਾਸਕ ਇੰਸਟੀਚਿਊਟ ਦੀ ਹੋਰ ਤਰੱਕੀ ਵਾਸਤੇ ਦਿਨ ਰਾਤ ਇਕ ਕਰਨਗੇ। ਇਸ ਮੌਕੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਵੱਡੇ ਪੱਧਰ ’ਤੇ ਮਨਾਉਣ ਦਾ ਪ੍ਰੋਗਰਾਮ ਉਲੀਕੇ ਹਨ, ਜੋ ਸੰਗਤ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਨੇਪਰੇ ਚੜ੍ਹਾਏ ਜਾਣਗੇ।
ਕਾਲਕਾ ਨੇ ਸਰਨਾ ਭਰਾਵਾਂ ’ਤੇ ਨਿਸ਼ਾਨੇ ਸਾਧੇ
ਕਾਲਕਾ ਅਤੇ ਕਾਹਲੋਂ ਨੇ ਵਿਰੋਧੀਆਂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪਿਛਲੇ ਸਮੇਂ ਅੰਦਰ ਇਹ ਦਿੱਲੀ ਦੀ ਸੰਗਤ ਲਈ ਬਹੁਤ ਔਖਾ ਸਮਾਂ ਸੀ ਜਦੋਂ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਦੇ ਫੈਸਲਿਆਂ ਕਾਰਨ ਸੰਗਤ ਇਕੋ ਸਮੇਂ ਗੁਰਪੁਰਬ ਅਤੇ ਸੰਗਰਾਂਦ ਨਹੀਂ ਮਨਾ ਸਕਦੀ ਸੀ। ਇਲਜ਼ਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਭਰਾਵਾਂ ਨੇ ਕੌਮ ਵਿਚ ਦੁਬਿਧਾ ਪੈਦਾ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਭਰਾਵਾਂ ਨੇ ਹਮੇਸ਼ਾ ਦਿੱਲੀ ਦੀ ਸੰਗਤ ਨੂੰ ਗੁੰਮਰਾਹ ਕੀਤਾ ਅਤੇ ਅਕਾਲੀ ਦਲ ਨੂੰ ਦੋਫਾੜ ਕਰਨ ਵਿਚ ਵੀ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਹੁਣ ਇਹ ਦੋਵੇਂ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਦੋ-ਦੋ ਥਾਵਾਂ ’ਤੇ ਮਨਾਉਣ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਨਿੱਜੀ ਹਿੱਤਾਂ ਦੀ ਖ਼ਾਤਰ ਦੋਵੇਂ ਭਰਾ ਕੌਮ ਨੂੰ ਵੰਡਣ ’ਤੇ ਲੱਗੇ ਹੋਏ ਹਨ।