ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਫਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਯਤਨਾਂ ਸਦਕਾ ਦੋ ਸਾਬਕਾ ਫ਼ੌਜੀ ਕਿਸਾਨ ਜੀਤ ਸਿੰਘ ਅਤੇ ਗੁਰਮੁੱਖ ਸਿੰਘ ਬੀਤੀ ਦੇਰ ਸ਼ਾਮ ਤਿਹਾੜ ਜੇਲ੍ਹ ’ਚੋਂ ਰਿਹਾਅ ਹੋ ਗਏ ਹਨ। ਇਨ੍ਹਾਂ ਦੋਵਾਂ ਨੂੰ 26 ਜਨਵਰੀ ਨੂੰ ਟਰੈਕਟਰ ਪਰੇਡ ਮੌਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਲਾਲ ਕਿਲੇ ’ਤੇ ਗਏ ਵੀ ਨਹੀਂ ਸਨ ਪਰ ਫਿਰ ਵੀ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ’ਤੇ ਤਸ਼ੱਦਦ ਢਾਹਿਆ ਤੇ ਜਲੀਲ ਕੀਤਾ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਿਹੇ ਸਿੱਖਾਂ ਦੇ ਮਾਮਲਿਆਂ ਦੀ ਪੈਰਵੀ ਕੀਤੀ ਜਾ ਰਹੀ ਹੈ। ਇਸ ਮੌਕੇ ਬਜ਼ੁਰਗ ਜੀਤ ਸਿੰਘ ਨੇ ਦੱਸਿਆ ਕਿ 26 ਜਨਵਰੀ ਦੀ ਸ਼ਾਮ ਕਰੀਬ 7 ਵਜੇ ਜਦੋਂ ਉਹ ਬੁਰਾੜੀ ਗਰਾਉਂਡ ਵਿੱਚ ਲੰਗਰ ਛਕ ਰਹੇ ਸਨ ਤਾਂ ਪੁਲੀਸ ਨੇ ਬਿਨਾਂ ਕੋਈ ਗੱਲ ਸੁਣੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਥਾਣੇ ਲਿਜਾ ਕੇ ਉਨ੍ਹਾਂ ’ਤੇ ਤਸ਼ੱਦਦ ਢਾਹਿਆ ਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ। ਉਨ੍ਹਾਂ ਦੱਸਿਆ ਕਿ ਜਿਹੜੇ ਪੁਲੀਸ ਮੁਲਜ਼ਮਾਂ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ, ਉਹ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਇਆ ਲੰਗਰ ਛਕਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਨਾ ਤਾਂ ਲਾਲ ਕਿਲੇ ਵੱਲ ਗਏ ਸਨ ਤੇ ਨਾ ਹੀ ਇਸ ਘਟਨਾ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਹੈ। ਇਸ ਮੌਕੇ ਸਿਰਸਾ ਨੇ ਦੱਸਿਆ ਕਿ ਇਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਤੋਂ ਇਲਾਵਾ ਅਦਾਲਤ ਵਿੱਚ ਕੇਸ ਜਿੱਤਿਆ ਜਾਵੇਗਾ, ਜਿਸ ਲਈ ਪੂਰੀ ਲੀਗਲ ਟੀਮ ਕੰਮ ਕਰ ਰਹੀ ਹੈ।