ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੁਲਾਈ
ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਤੋਂ ਇਕ ਦਿਨ ਪਹਿਲਾਂ ਦਿੱਲੀ ਪੁਲੀਸ ਨੇ ਕਾਂਗਰਸ ਪਾਰਟੀ ਤੇ ਇਸ ਦੇ ਵਰਕਰਾਂ ਨੂੰ ਨਵੀਂ ਦਿੱਲੀ ਦੇ ਰਾਜਘਾਟ ’ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਪ੍ਰਧਾਨ 26 ਜੁਲਾਈ ਨੂੰ ਦੂਜੇ ਦੌਰ ਦੀ ਪੁੱਛਗਿੱਛ ਲਈ ਈਡੀ ਦੇ ਸਾਹਮਣੇ ਪੇਸ਼ ਹੋਣ ਵਾਲੇ ਹਨ। ਕਾਂਗਰਸ ਨੇ ਸੋਨੀਆ ਦੇ ਸਵਾਲ-ਜਵਾਬ ਸਮੇਂ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਕਾਨੂੰਨ ਵਿਵਸਥਾ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਦਿੱਲੀ ਪੁਲੀਸ ਨੇ ਪਾਰਟੀ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਪਹਿਲੇ ਗੇੜ ਦੌਰਾਨ ਜਦੋਂ ਈਡੀ ਨੇ 21 ਜੁਲਾਈ ਨੂੰ ਕਾਂਗਰਸ ਪ੍ਰਧਾਨ ਤੋਂ ਪੁੱਛਗਿੱਛ ਕੀਤੀ ਤਾਂ ਪਾਰਟੀ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਦੇ ਚੋਟੀ ਦੇ ਨੇਤਾਵਾਂ ਨੇ ਵੀ ਪੁੱਛਗਿੱਛ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕਰਨ ਦੀ ਯੋਜਨਾ ਬਣਾਈ ਹੈ। ਸੂਤਰਾਂ ਨੇ ਇਹ ਵੀ ਦੱਸਿਆ ਕਿ ਸੰਸਦ ਮੈਂਬਰ ਨੇ ਈਡੀ ਦੇ ਸਾਹਮਣੇ ਕਈ ਦਸਤਾਵੇਜ਼ ਪੇਸ਼ ਕੀਤੇ, ਜਿਨ੍ਹਾਂ ਨੂੰ ਅਧਿਕਾਰੀਆਂ ਵੱਲੋਂ ਤਸੱਲੀਬਖਸ਼ ਨਹੀਂ ਮੰਨਿਆ ਗਿਆ।