Religious: ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
ਪ੍ਰਬੰਧਕਾਂ ਵੱਲੋਂ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ
ਇੱਥੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਾਨਕ ਪਿਆਓ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਥਾਨ ਇਤਿਹਾਸਕ ਗੁਰਦੁਆਰਾ ਨਾਨਕ ਪਿਆਓ ਸਾਹਿਬ ’ਚ ਸਕੂਲ ਚੇਅਰਮੈਨ ਅੰਮ੍ਰਿਤਪਾਲ ਸਿੰਘ, ਵਾਈਸ ਚੇਅਰਮੈਨ ਰਮੀਤ ਸਿੰਘ ਅਤੇ ਸਕੂਲ ਮੁਖੀ ਜਸਵੰਤ ਕੌਰ ਦੀ ਅਗਵਾਈ ਵਿੱਚ ਹੋਇਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ ਨੇ ਸ਼ਿਰਕਤ ਕੀਤੀ। ਉਪਰੰਤ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਕਵਿਤਾਵਾਂ, ਸਾਖੀਆਂ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਤੋਂ ਇਲਾਵਾ ਸ਼ਬਦ, ਅਰਦਾਸ, ਹੁਕਮਨਾਮੇ ਦੀ ਸੇਵਾ ਦੇ ਨਾਲ-ਨਾਲ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਸੰਗਤੀ ਰੂਪ ਵਿੱਚ ਚੌਪਈ ਸਾਹਿਬ ਦਾ ਪਾਠ ਵੀ ਕੀਤਾ। ਦੱਸਣਯੋਗ ਹੈ ਕਿ ਇਸ ਮੌਕੇ ਸਕੂਲ ਦੀ 10ਵੀਂ ਤੇ 12ਵੀਂ ਜਮਾਤ ’ਚ ਬੋਰਡ ਪ੍ਰੀਖਿਆ ਅੰਦਰ 100 ਫੀਸਦੀ ਨਤੀਜਾ ਦੇਣ ਵਾਲੇ ਅਧਿਆਪਕਾਂ ਅਤੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਮੁਖੀ ਜਸਵੰਤ ਕੌਰ ਨੇ ਕਿਹਾ ਕਿ ਆਪਣੇ ਜੀਵਨ ਵਿੱਚ ਗੁਰੂ ਸਾਹਿਬ ਦੀ ਸਿੱਖਿਆਵਾਂ ਨੂੰ ਧਾਰਨ ਕਰਨਾ ਚਾਹੀਦਾ ਹੈ। ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਬਹੁਤ ਵੱਡਭਾਗੀ ਹਨ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਨਾਂ ’ਤੇ ਸਥਾਪਤ ਸਿੱਖਿਆ ਸੰਸਥਾ ਵਿੱਚ ਸਿੱਖਿਆ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਕੂਲ ਵਿਦਿਆਰਥੀ ਅਤੇ ਸਟਾਫ ਮੈਂਬਰ ਹਾਜ਼ਰ ਸਨ।

