ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਵਾਰ-ਵਾਰ ਨਿਰਦੇਸ਼ ਦੇਣਾ ਕਮਿਸ਼ਨ ਦੇ ਅਧਿਕਾਰ ਖੇਤਰ ’ਚ ਹੋਵੇਗੀ ਦਖਲਅੰਦਾਜ਼ੀ: ਚੋਣ ਕਮਿਸ਼ਨ
Direction for SIR at regular interval encroaches upon EC's exclusive jurisdiction:Poll panel to SC ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਅੱਜ ਦੱਸਿਆ ਹੈ ਕਿ ਦੇਸ਼ ਭਰ ਵਿੱਚ ਸਮੇਂ ਸਮੇਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਕਰਵਾਉਣ ਦਾ ਕੋਈ ਵੀ ਨਿਰਦੇਸ਼ ਚੋਣ ਕਮਿਸ਼ਨ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਹੋਵੇਗਾ। ਇਸ ਸਬੰਧੀ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਜਿਸ ਵਿਚ ਕਿਹਾ ਗਿਆ ਕਿ ਉਸ ਦਾ ਇਸ ਵਿਚ ਸੋਧ ਕਰਨ ਦਾ ਪੂਰਾ ਅਧਿਕਾਰ ਹੈ। ਇਸ ਸਬੰਧੀ ਵਕੀਲ ਅਸ਼ਵਿਨੀ ਕੁਮਾਰ ਉਪਾਧਿਆਏ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਉਸ ਨੇ ਅਦਾਲਤ ਤੋਂ ਚੋਣ ਕਮਿਸ਼ਨ ਨੂੰ ਪੂਰੇ ਭਾਰਤ ਵਿੱਚ ਖਾਸ ਤੌਰ ’ਤੇ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ਼ ਭਾਰਤੀ ਨਾਗਰਿਕ ਹੀ ਦੇਸ਼ ਦੀ ਰਾਜਨੀਤੀ ਅਤੇ ਨੀਤੀ ਬਾਰੇ ਫੈਸਲਾ ਕਰਨ।
ਚੋਣ ਕਮਿਸ਼ਨ ਨੇ ਕਿਹਾ ਕਿ ਉਹ ਵੋਟਰ ਸੂਚੀਆਂ ਵਿਚ ਪਾਰਦਰਸ਼ਤਾ, ਪਵਿੱਤਰਤਾ ਤੇ ਅਖੰਡਤਾ ਬਾਰੇ ਪੂਰੀ ਤਰ੍ਹਾਂ ਸੁਚੇਤ ਹੈ। ਇਸ ਕਰ ਕੇ ਕਮਿਸ਼ਨ ਨੇ ਇਸ ਸਾਲ 24 ਜੂਨ ਨੂੰ ਕਈ ਸੂਬਿਆਂ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਨ ਦਾ ਫੈਸਲਾ ਲਿਆ ਸੀ। ਇਸੀ ਤਹਿਤ ਚੋਣ ਕਮਿਸ਼ਨ ਨੇ 5 ਜੁਲਾਈ, 2025 ਨੂੰ ਬਿਹਾਰ ਨੂੰ ਛੱਡ ਕੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਗਤੀਵਿਧੀਆਂ ਸ਼ੁਰੂ ਕਰਨ ਲਈ ਕਿਹਾ ਸੀ।
ਚੋਣ ਕਮਿਸ਼ਨ ਦੇ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਕੋਲ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਨਿਗਰਾਨੀ ਕਰਨ ਲਈ ਸੰਵਿਧਾਨਕ ਅਤੇ ਕਾਨੂੰਨੀ ਸ਼ਕਤੀਆਂ ਹਨ। ਦੇਸ਼ ਭਰ ਵਿੱਚ ਨਿਯਮਤ ਵਕਫੇ ’ਤੇ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਦਾ ਕੋਈ ਵੀ ਨਿਰਦੇਸ਼ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਹੋਵੇਗੀ।
ਸੁਪਰੀਮ ਕੋਰਟ ਨੇ 8 ਸਤੰਬਰ ਨੂੰ ਨਿਰਦੇਸ਼ ਦਿੱਤਾ ਸੀ ਕਿ ਬਿਹਾਰ ਵਿੱਚ ਵੋਟਰ ਸੂਚੀਆਂ ਦੇ SIR ਵਿੱਚ ਵੋਟਰਾਂ ਦੇ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਨੂੰ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਅਦਾਲਤ ਨੇ ਚੋਣ ਕਮਿਸ਼ਨ ਨੂੰ 9 ਸਤੰਬਰ ਤੱਕ ਇਸ ਨਿਰਦੇਸ਼ ਨੂੰ ਲਾਗੂ ਕਰਨ ਲਈ ਕਿਹਾ ਸੀ।
ਚੋਣ ਕਮਿਸ਼ਨ ਦੇ 24 ਜੂਨ ਦੇ ਨੋਟੀਫਿਕੇਸ਼ਨ ਅਨੁਸਾਰ ਬਿਹਾਰ ਵਿੱਚ ਅੰਤਿਮ ਵੋਟਰ ਸੂਚੀ 30 ਸਤੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਣੀ ਹੈ। ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਨਾਲ ਬਿਹਾਰ ਵਿੱਚ ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 7.9 ਕਰੋੜ ਤੋਂ ਘੱਟ ਕੇ 7.24 ਕਰੋੜ ਹੋ ਗਈ ਹੈ। ਪੀ.ਟੀ.ਆਈ.