ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਦਸੰਬਰ
ਦਿੱਲੀ ਦੇ ਰੈਜ਼ੀਡੈਂਟ ਡਾਕਟਰਾਂ ਨੇ ਨੀਟ-ਪੀਜੀ ਕਾਊਂਸਲਿੰਗ ਵਿੱਚ ਦੇਰੀ ਸਬੰਧੀ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। ਡਾਕਟਰਾਂ ਨੇ ਅੱਜ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਤੋਂ ਸੁਪਰੀਮ ਕੋਰਟ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਇਸ ਮਗਰੋਂ ਉਨ੍ਹਾਂ ਆਪਣੇ ਲੈਬ ਕੋਟ ਸੜਕ ’ਤੇ ਰੱਖ ਕੇ ਉਥੇ ਹੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਰਾਮ ਮਨੋਹਰ ਲੋਹੀਆ ਹਸਪਤਾਲ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਸੁਰਵਰਸ਼ ਪਾਂਡੇ ਨੇ ਕਿਹਾ, ‘‘ਅਸੀਂ 17 ਦਸੰਬਰ ਤੋਂ ਦਿੱਲੀ ਦੇ ਹਸਪਤਾਲਾਂ ਵਿੱਚ ਆਮ ਤੇ ਐਮਰਜੈਂਸੀ ਮੈਡੀਕਲ ਸੇਵਾਵਾਂ ਦਾ ਬਾਈਕਾਟ ਕਰ ਰਹੇ ਹਾਂ। ਅਸੀਂ ਅੱਜ ਸੁਪਰੀਮ ਕੋਰਟ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਸਾਨੂੰ ਰਾਹ ਵਿੱਚ ਹੀ ਰੋਕ ਦਿੱਤਾ ਗਿਆ।’’ ਉਨ੍ਹਾਂ ਕਿਹਾ ਕਿ ਕਰੋਨਾ ਦੀ ਤੀਜੀ ਲਹਿਰ ਨੇੜੇ ਆ ਰਹੀ ਹੈ ਤੇ ਉਹ ਐੱਨਈਈਟੀ ਪੀਜੀ ਕਾਊਸਲਿੰਗ ਵਿੱਚ ਦੇਰੀ ਕਾਰਨ ਪਹਿਲਾਂ ਹੀ ਜ਼ਿਆਦਾ ਕੰਮ ਕਰ ਰਹੇ ਹਨ।
ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਨੇ ਕਿਹਾ ਕਿ ਕੁਝ ਡਾਕਟਰਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਕੇ ਥਾਣੇ ਡੱਕਿਆ ਹੈ। ਕੁਝ ਚਿਰ ਮਗਰੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਪੁਲੀਸ ’ਤੇ ਧੱਕਾਮੁੱਕੀ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਰੋਕਣ ਲਈ ਪੁਲੀਸ ਵੱਲੋਂ ਬਲ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਕੁਝ ਡਾਕਟਰ ਜ਼ਖ਼ਮੀ ਹੋ ਗਏ ਹਨ। ਐਸੋਸੀਏਸ਼ਨ ਨੇ ਪੁਲੀਸ ਵੱਲੋਂ ਬਲ ਦੀ ਕੀਤੀ ਜਾ ਰਹੀ ਵਰਤੋਂ ਦੀਆਂ ਤਸਵੀਰਾਂ ਟਵਿੱਟਰ ’ਤੇ ਸਾਂਝੀਆਂ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਐੱਨਈਈਟੀ ਪੀਜੀ ਕਾਊਂਸਲਿੰਗ 2021 ਦੀ ਪ੍ਰੀਖਿਆ ਨੂੰ ਕਈ ਵਾਰ ਮੁਲਤਵੀ ਕੀਤੇ ਜਾਣ ਅਤੇ ਮੈਡੀਕਲ ਕਾਲਜਾਂ ਵਿੱਚ ਰੈਜ਼ੀਡੈਂਟ ਡਾਕਟਰਾਂ ਦੇ ਨਵੇਂ ਬੈਚ ਦੇ ਦਾਖਲੇ ਵਿਰੁੱਧ ਦੇਸ਼ ਭਰ ਵਿੱਚ ਰੈਜ਼ੀਡੈਂਟ ਡਾਕਟਰ 27 ਨਵੰਬਰ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਆਰਡੀਏਜ਼ ਨੇ 6 ਦਸੰਬਰ ਤੋਂ ਹੀ ਐਮਰਜੈਂਸੀ ਅਤੇ ਰੁਟੀਨ ਮੈਡੀਕਲ ਸੇਵਾਵਾਂ ਦਾ ਬਾਈਕਾਟ ਕੀਤਾ ਹੋਇਆ ਹੈ। ਉਂਜ 9 ਦਸੰਬਰ ਨੂੰ ਸਿਹਤ ਮੰਤਰਾਲੇ ਤੋਂ ਭਰੋਸ ਮਿਲਣ ਮਗਰੋਂ ਫੈਡਰੇਸ਼ਨ ਨੇ ਇੱਕ ਹਫ਼ਤੇ ਲਈ ਆਪਣਾ ਵਿਰੋਧ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।
ਪ੍ਰਦਰਸ਼ਨਕਾਰੀਆਂ ਨੇ ਵਰਦੀ ਪਾੜਨ ਦੀ ਕੋਸ਼ਿਸ਼ ਕੀਤੀ: ਪੁਲੀਸ
ਪੁਲੀਸ ਨੇ ਕਿਹਾ ਕਿ 12 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਛੇ ਤੋਂ ਅੱਠ ਘੰਠੇ ਤਕ ਆਈਟੀਓ ਰੋਡ ਜਾਮ ਕੀਤਾ। ਉਨ੍ਹਾਂ ਨੂੰ ਵਾਰ-ਵਾਰ ਇਥੋਂ ਹਟਣ ਲਈ ਕਿਹਾ ਗਿਆ ਪਰ ਉਹ ਟਸ ਤੋਂ ਮਸ ਨਹੀਂ ਹੋਏ। ਪੁਲੀਸ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀਆਂ ਨੂੰ ਸੜਕਾਂ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਪੁਲੀਸ ਮੁਲਾਜ਼ਮਾਂ ਦੀ ਵਰਦੀ ਪਾੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਪੁਲੀਸ ਦੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਅਤੇ ਉਨ੍ਹਾਂ ਨਾਲ ਬਦਸਲੂਕੀ ਵੀ ਕੀਤੀ।