ਪੰਜਾਬ ਦੌਰੇ ਤੋਂ ਪਹਿਲਾਂ Gurdwara Bangla Sahib ਨਤਮਸਤਕ ਹੋਏ Sachin Pilot
ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਪੰਜਾਬ ਦੀ ਪਲੇਠੀ ਫੇਰੀ ਤੋਂ ਪਹਿਲਾਂ ਅਰਦਾਸ ਕੀਤੀ
Sachin Pilot Punjab: ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨੇ ਆਪਣੇ 15 ਸਤੰਬਰ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੱਜ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪਾਇਲਟ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਦਾ ਜੈਕਾਰਾ ਵੀ ਲਾਇਆ।
ਨਸ਼ਿਆਂ ਨੂੰ ਖਤਮ ਕਰਨ ਲਈ ਲੜਾਈ ਲੜੇਗੀ ਕਾਂਗਰਸ
ਇਸ ਮੌਕੇ ਪਾਇਲਟ ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਚਿੰਤਾ ਜਤਾਈ ਅਤੇ ਗੁਲਜ਼ਾਰ ਸਿੰਘ ਦੇ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੀ ਕਾਂਗਰਸ ਦੀ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਹੁਣ ਹਰ ਘਰ ਦਸਤਕ ਦੇ ਰਹੀ ਹੈ ਪਰ ਪੰਜਾਬ ਦੀ ਸੂਬਾ ਸਰਕਾਰ ਨੇ ਇਸ ਸੰਕਟ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਜਦੋਂ ਆਮ ਨਾਗਰਿਕ ਸਵਾਲ ਪੁੱਛਦੇ ਹਨ ਤਾਂ ਜਵਾਬਦੇਹੀ ਤੈਅ ਕਰਨ ਦੀ ਬਜਾਏ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਦਬਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਵੱਲ ਰੋਸ ਮਾਰਚ ਕਰਨ ਦਾ ਐਲਾਨ
ਸਚਿਨ ਪਾਇਲਟ ਨੇ ਐਲਾਨ ਕੀਤਾ ਕਿ ਉਹ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਵਧ ਰਹੇ ਨਸ਼ਾ ਤਸਕਰੀ ਵਿਰੁੱਧ ਕੱਲ੍ਹ ਇੱਕ ਵਿਸ਼ਾਲ ਰੋਸ ਮਾਰਚ ਕੱਢਣਗੇ। ਉਨ੍ਹਾਂ ਕਿਹਾ ਕਿ ਉਹ ਅਤੇ ਸਾਰੇ ਕਾਂਗਰਸੀ ਆਗੂ ਇਸ ਮਾਰਚ ਵਿੱਚ ਸ਼ਾਮਲ ਹੋਣਗੇ ਅਤੇ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਕੂਚ ਕਰਨਗੇ।
ਉਨ੍ਹਾਂ ਦੀ ਮੰਗ ਬਹੁਤ ਸਪੱਸ਼ਟ ਹੈ ਕਿ ਮੰਤਰੀ ਹਰਪਾਲ ਚੀਮਾ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਵੇ। ਪਾਇਲਟ ਨੇ ਕਿਹਾ ਕਿ ਇਹ ਲੜਾਈ ਸਿਰਫ਼ ਗੁਲਜ਼ਾਰ ਸਿੰਘ ਦੇ ਪਰਿਵਾਰ ਦੀ ਨਹੀਂ ਹੈ, ਸਗੋਂ ਹਰ ਉਸ ਪੰਜਾਬੀ ਦੀ ਹੈ ਜੋ ਆਪਣੇ ਪਰਿਵਾਰ ਅਤੇ ਬੱਚਿਆਂ ਦਾ ਭਵਿੱਖ ਨਸ਼ਿਆਂ ਹੱਥੋਂ ਬਰਬਾਦ ਹੁੰਦਾ ਦੇਖ ਰਿਹਾ ਹੈ।

