ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਜੂਨ
ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਥਕ ਧਿਰਾਂ ਨੂੰ ਕਿਹਾ ਕਿ ਉਹ ਸੰਗਰੂਰ ਲੋਕ ਸਭਾ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਣ ਤਾਂ ਕਿ ਸਰਕਾਰੀ ਉਮੀਦਵਾਰ ਨੂੰ ਹਰਾਇਆ ਜਾ ਸਕੇ। ਇਸ ਤਰ੍ਹਾਂ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਲਿਆ ਜਾ ਸਕੇਗਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਪੰਥਕ ਧਿਰਾਂ ਦਰਮਿਆਨ ਏਕਾ ਕਰਵਾਉਣ ਲਈ ਅੱਗੇ ਆਉਣ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਦੀ ਅਣਗਹਿਲੀ ਕਾਰਨ ਇਹ ਕਤਲ ਹੋਇਆ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਤੋਂ ਹੀ ਚੁਣ ਕੇ ਉਮੀਦਵਾਰ ਨੂੰ ਆਜ਼ਾਦਾਨਾ ਚੋਣ ਲੜਾਈ ਜਾਣੀ ਚਾਹੀਦੀ ਹੈ। ਉਨ੍ਹਾਂ ਮੂਸੇਵਾਲਾ ਦੇ ਪਰਿਵਾਰ ਵਿੱਚੋਂ ਉਮੀਦਵਾਰ ਚੁਣਨ ਦੀ ਅਪੀਲ ਵੀ ਕੀਤੀ।