SC - Cartoonist Bail: ਪ੍ਰਧਾਨ ਮੰਤਰੀ, RSS ਬਾਰੇ ‘ਇਤਰਾਜ਼ਯੋਗ’ ਪੋਸਟਾਂ ਪਾਉਣ ਵਾਲੇ ਕਾਰਟੂਨਿਸਟ ਨੂੰ ਅੰਤਰਿਮ ਰਾਹਤ
ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ RSS ਵਰਕਰਾਂ ਦੇ ਕਥਿਤ ਇਤਰਾਜ਼ਯੋਗ ਕਾਰਟੂਨ ਸ਼ੇਅਰ ਕਰਨ ਦੇ ਮੁਲਜ਼ਮ ਕਾਰਟੂਨਿਸਟ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦੇ ਦਿੱਤੀ ਹੈ। ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਅਰਵਿੰਦ ਕੁਮਾਰ (Justices Sudhanshu Dhulia and Aravind Kumar) ਦੇ ਬੈਂਚ ਨੇ ਕਿਹਾ ਕਿ ਜੇ ਉਸਨੇ ਸੋਸ਼ਲ ਮੀਡੀਆ 'ਤੇ ਕੋਈ ਹੋਰ ਇਤਰਾਜ਼ਯੋਗ ਪੋਸਟ ਸਾਂਝੀ ਕੀਤੀ ਹੈ, ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਸੁਪਰੀਮ ਕੋਰਟ ਕਥਿਤ ਅਪਮਾਨਜਨਕ ਔਨਲਾਈਨ ਪੋਸਟਾਂ 'ਤੇ ਖ਼ਾਸੀ ਨਾਰਾਜ਼ਗੀ ਜ਼ਾਹਰ ਕੀਤੀ ਸੀ ਅਤੇ ਕਿਹਾ, "ਲੋਗ ਕਿਸੀ ਕੋ ਭੀ, ਕੁਛ ਭੀ ਕਹਿ ਦੇਤੇ ਹੈਂ (ਲੋਕ ਕਿਸੇ ਨੂੰ ਵੀ ਕੁਝ ਵੀ ਆਖ ਦਿੰਦੇ ਹਨ)"।
ਮੁਲਜ਼ਮ ਹੇਮੰਤ ਮਾਲਵੀਆ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ 3 ਜੁਲਾਈ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ, ਜਿਨ੍ਹਾਂ ਵਿੱਚ ਉਸਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਸੀ।
ਉਸ ਖ਼ਿਲਾਫ਼ ਮਈ ਵਿੱਚ ਇੰਦੌਰ ਦੇ ਲਾਸੂਡੀਆ ਪੁਲੀਸ ਸਟੇਸ਼ਨ ਵਿੱਚ ਵਕੀਲ ਅਤੇ RSS ਵਰਕਰ ਵਿਨੈ ਜੋਸ਼ੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜੋਸ਼ੀ ਨੇ ਦੋਸ਼ ਲਗਾਇਆ ਕਿ ਮਾਲਵੀਆ ਨੇ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਅਤੇ ਫਿਰਕੂ ਸਦਭਾਵਨਾ ਨੂੰ ਵਿਗਾੜਿਆ।
ਐਫਆਈਆਰ ਵਿੱਚ ਕਈ "ਇਤਰਾਜ਼ਯੋਗ" ਪੋਸਟਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਭਗਵਾਨ ਸ਼ਿਵ 'ਤੇ ਕਥਿਤ ਤੌਰ 'ਤੇ ਗ਼ਲਤ ਟਿੱਪਣੀਆਂ ਦੇ ਨਾਲ-ਨਾਲ ਕਾਰਟੂਨ, ਵੀਡੀਓ, ਫੋਟੋਆਂ ਅਤੇ ਮੋਦੀ, ਆਰਐਸਐਸ ਵਰਕਰਾਂ ਤੇ ਹੋਰਾਂ ਬਾਰੇ ਟਿੱਪਣੀਆਂ ਸ਼ਾਮਲ ਹਨ। -ਪੀਟੀਆਈ