ਸੁਪਰੀਮ ਕੋਰਟ ਵੱਲੋਂ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਯੋਜਨਾ ਬਣਾਉਣ ਦੇ ਨਿਰਦੇਸ਼
ਸੁਪਰੀਮ ਕੋਰਟ ਨੇ CAQM, CPCB ਅਤੇ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ, ਤਿੰਨ ਹਫ਼ਤਿਆਂ ਦੇ ਅੰਦਰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਯੋਜਨਾ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।
ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਬੀਆਰ ਗਵਈ ਅਤੇ ਜਸਟਿਸ ਕੇ ਵਿਨੋਦ ਚੰਦਰਨ ਦੀ ਬੈਂਚ ਨੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਵਿੱਚ ਖਾਲੀ ਅਸਾਮੀਆਂ ਨੂੰ ਲੈ ਕੇ ਸੂਬਿਆਂ ਨੂੰ ਝਾੜ ਪਾਈ ਅਤੇ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਪੰਜਾਬ ਵਰਗੇ ਸੂਬਿਆਂ ਨੂੰ ਤਿੰਨ ਮਹੀਨਿਆਂ ਵਿੱਚ ਇਨ੍ਹਾਂ ਨੂੰ ਭਰਨ ਲਈ ਕਿਹਾ ਹੈ।
ਬੈਂਚ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੂੰ ਵੀ ਇਸੇ ਤਰ੍ਹਾਂ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡਾਂ, CAQM ਅਤੇ CPCB ਵਿੱਚ ਅਸਾਮੀਆਂ ਭਰਨ ਲਈ ਛੇ ਮਹੀਨੇ ਦਾ ਸਮਾਂ ਦਿੱਤਾ ਹੈ।
ਦੱਸ ਦਈਏ ਕਿ CAQM ਕੇਂਦਰ ਦੁਆਰਾ ਬਣਾਈ ਗਈ ਇੱਕ ਵਿਧਾਨਕ ਸੰਸਥਾ ਹੈ ਅਤੇ ਇਸਦਾ ਮੁੱਖ ਟੀਚਾ ਕੌਮੀ ਰਾਜਧਾਨੀ ਖੇਤਰ (NCR) ਅਤੇ ਇਸਦੇ ਨਾਲ ਲੱਗਦੇ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਦਾ ਪ੍ਰਬੰਧਨ ਅਤੇ ਸੁਧਾਰ ਕਰਨਾ ਹੈ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸੇ ਸ਼ਾਮਲ ਹਨ।
ਬੈਂਚ ਇਨ੍ਹਾਂ ਅਥਾਰਟੀਆਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਨਾਲ ਸਬੰਧਤ ਇੱਕ Suo Motu Plea ’ਤੇ ਸੁਣਵਾਈ ਕਰ ਰਿਹਾ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ।