ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਜੂਨ
ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਸੰਯੁਕਤ ਕਿਸਾਨ ਮੋਰਚਾ ਅਤੇ ਵਪਾਰਕ ਜਥੇਬੰਦੀਆਂ ਦੇ ਸੱਦੇ ‘ਤੇ ਵਿਦਿਆਰਥੀਆਂ ਵੱਲੋਂ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਸੰਸਦ ਮਾਰਗ ‘ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਹਿਲਵਾਨਾਂ ‘ਤੇ ਪੁਲੀਸ ਜਬਰ ਦੀ ਨਿਖੇਧੀ ਕੀਤੀ ਗਈ। ਪ੍ਰਦਰਸ਼ਨ ਵਿੱਚ ਵਿਦਿਆਰਥੀ ਜਥੇਬੰਦੀਆਂ ਆਇਸਾ, ਕੇਵਾਈਐੱਸ, ਸੀਐੱਸ ਡਬਲਿਊ, ਐੱਸਐੱਫਆਈ ਸਣੇ ਹੋਰ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਚਾਉਣ ‘ਤੇ ਤੁਲੀ ਹੋਈ ਹੈ। ਇਸ ਮੌਕੇ ਆਗੂ ਭੀਮ ਕੁਮਾਰ ਨੇ ਕਿਹਾ ਕਿ ਪ੍ਰਦਰਸ਼ਨ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਹੋਏ ਹਨ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਦੇਸ਼ ਵਿਆਪੀ ਪ੍ਰਦਰਸ਼ਨਾਂ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਦੇ ਸਰਹੱਦੀ ਪੁਆਇੰਟਾਂ ‘ਤੇ ਸੁਰੱਖਿਆ ਸਖਤ ਕਰ ਦਿੱਤੀ ਹੈ।
ਯਮੁਨਾਨਗਰ (ਪੱਤਰ ਪ੍ਰੇਰਕ): ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਸੰਯੁਕਤ ਕਿਸਾਨ ਮੋਰਚਾ, ਵਪਾਰਕ ਜਥੇਬੰਦੀਆਂ ਅਤੇ ਸਰਵ ਸਮਾਜ ਨੇ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਸਕੱਤਰੇਤ ਦੇ ਸਾਹਮਣੇ ਬ੍ਰਿਜ ਭੂਸ਼ਣ ਦਾ ਪੁਤਲਾ ਫੂਕਿਆ ਅਤੇ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਭਾਕਿਯੂ (ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗੁੱਜਰ, ਚੜੂਨੀ ਧੜੇ ਦੇ ਸੰਜੂ ਗੁੰਦਿਆਣਾ ਅਤੇ ਕਿਸਾਨ ਸਭਾ ਦੇ ਕਨਵੀਨਰ ਜਰਨੈਲ ਸਿੰਘ ਸਾਂਗਵਾਨ ਨੇ ਸਾਂਝੇ ਤੌਰ ‘ਤੇ ਆਪਣੇ ਸੰਬੋਧਨ ‘ਚ ਕਿਹਾ ਕਿ ਮਹਿਲਾ ਪਹਿਲਵਾਨ ਦੇਸ਼ ਦਾ ਮਾਣ ਹਨ ਅਤੇ ਭਾਰਤ ਦਾ ਨਾਂਅ ਉੱਚਾ ਕਰ ਰਹੀਆਂ ਹਨ। ਖਿਡਾਰਨਾਂ ਨੇ 23 ਅਪਰੈਲ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦੇ ਕੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਵੱਲੋਂ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ‘ਚ ਇਨਸਾਫ ਦੀ ਮੰਗ ਕੀਤੀ ਸੀ। ਜਿਸ ‘ਤੇ ਕੇਂਦਰ ਸਰਕਾਰ ਨੇ ਚੁੱਪੀ ਸਾਧ ਕੇ ਆਪਣੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਨੂੰ ਬਚਾਉਣ ਦਾ ਕੰਮ ਕੀਤਾ ਹੈ। ਇੱਥੋਂ ਤੱਕ ਕਿ ਦਿੱਲੀ ਪੁਲੀਸ ਨੇ ਵੀ ਉਸ ਦੇ ਖਿਲਾਫ ਕੋਈ ਮਾਮਲਾ ਦਰਜ ਨਹੀਂ ਕੀਤਾ। ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦਾ ਨਾਅਰਾ ਦੇਣ ਵਾਲੀ ਸਰਕਾਰ ਅੱਜ ਧੀਆਂ ਦਾ ਸਤਿਕਾਰ ਨਹੀਂ ਕਰ ਰਹੀ ਅਤੇ ਸੜਕਾਂ ‘ਤੇ ਆ ਕੇ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਦਾ ਪੱਖ ਸੁਣਨ ਦੀ ਬਜਾਏ ਉਨ੍ਹਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸੰਸਦ ਮੈਂਬਰ ਤੋਂ ਅਸਤੀਫਾ ਲੈ ਕੇ ਉਸ ਨੂੰ ਗ੍ਰਿਫਤਾਰ ਕਰੇ। ਇਸ ਮੌਕੇ ਮਨਦੀਪ ਰੋਡ ਛੱਪਰ, ਮਹੀਪਾਲ, ਅਰਜੁਨ ਸੁਢੈਲ, ਸਤਪਾਲ ਕੌਸ਼ਿਕ ਸਮੇਤ ਕਿਸਾਨ, ਵਪਾਰੀ ਤੇ ਹੋਰ ਲੋਕ ਵੀ ਹਾਜ਼ਰ ਸਨ।