ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਮਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਬਾਦਲ ਦਲ ਨੂੰ ਸਿਆਸੀ ਲਾਹਾ ਪਹੁੰਚਾਉਣ ਲਈ ਦਿੱਲੀ ਵਿੱਚ ਸ਼ੁਰੂ ਕੀਤੇ ਗਏ ਕੰਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਬੰਨੀ ਜੌਲੀ ਨੇ ਕਿਹਾ ਕਿ ਐੱਸਜੀਪੀਸੀ ਆਪਣਾ ਅਧਿਕਾਰ ਖੇਤਰ ਛੱਡ ਕੇ ਦਿੱਲੀ ਵਿੱਚ ਬਾਦਲ ਪਰਿਵਾਰ ਨੂੰ ਰਾਜਨੀਤਿਕ ਫ਼ਾਇਦਾ ਪਹੁੰਚਾਉਣ ਲਈ ਅਜਿਹੇ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਿੱਖ ਪੰਥ ਦੇ ਮਸਲਿਆਂ ਅਤੇ ਫ਼ੈਸਲੇ ਕਰਨ ਦੀ ਜ਼ਿੰਮੇਵਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੈ ਤੇ ਐੱਸਜੀਪੀਸੀ ਦਿੱਲੀ ’ਚ ਦਖ਼ਲਅੰਦਾਜ਼ੀ ਕਰਕੇ ਪੰਥਕ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ। ਬੰਨੀ ਜੋਲੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ, ਜਦੋਂ ਬਾਦਲ ਪਰਿਵਾਰ ਐੱਸਜੀਪੀਸੀ ਦੀ ਦੁਰਵਰਤੋਂ ਕਰ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਬਾਦਲਾਂ ਵੱਲੋਂ ਐੱਸਜੀਪੀਸੀ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ ਜਾਂਦਾ ਰਿਹਾ ਹੈ। ਉਨ੍ਹਾਂ ਐੱਸਜੀਪੀਸੀ ਦੇ ਪ੍ਰਬੰਧਕਾਂ ’ਤੇ ਤੰਜ ਕੱਸਦਿਆਂ ਕਿਹਾ ਕਿ ਉਂਝ ਤਾਂ ਐੱਸਜੀਪੀਸੀ ਵੱਲੋਂ ਆਪਣੇ ਮੁਲਾਜ਼ਮਾਂ ਦੀ ਤਨਖ਼ਾਹਾਂ ਤੇ ਹੋਰ ਖਰਚਿਆਂ ਲਈ ਪੈਸੇ ਦੀ ਘਾਟ ਦਾ ਦਿਖਾਵਾ ਕੀਤਾ ਜਾਂਦਾ ਹੈ ਪਰ ਦਿੱਲੀ ਵਿੱਚ ਐੱਸਜੀਪੀਸੀ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਖਰਚੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀ ਸ਼ਹਿ ’ਤੇ ਐੱਸਜੀਪੀਸੀ ਦੀ ਕੀਤੀ ਜਾ ਰਹੀ ਦੁਰਵਰਤੋਂ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।