ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦਰਮਿਆਨ ਟਕਰਾਅ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ਼ ਕਰਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਸਾਹਿਬਾਨ ਦੀਆਂ ਵਸਤਾਂ ਨਾ ਭੇਜਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਪ੍ਰੋਗਰਾਮ ਰੱਖਣ ਦੀ ਦਿੱਤੀ ਦਲੀਲ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 12 ਮਾਰਚ 2022 ਨੂੰ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖਿਆ ਸੀ ਕਿ 16, 17 ਅਪਰੈਲ ਨੂੰ ਲਾਲ ਕਿਲ੍ਹੇ ਵਿੱਚ ਫ਼ਤਹਿ ਦਿਵਸ ਸਮਾਗਮ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਪ੍ਰੋਗਰਾਮ ਬਾਅਦ ਵਿੱਚ ਸਾਹਮਣੇ ਆਇਆ ਜਦੋਂਕਿ ਸ਼੍ਰੋਮਣੀ ਕਮੇਟੀ ਨੇ ਸਮਾਗਮ ਦੀ ਤਾਰੀਖ਼ 22 ਅਪਰੈਲ ਦੱਸੀ ਸੀ, ਹਾਲਾਂਕਿ ਦਿੱਲੀ ਕਮੇਟੀ ਦਾ ਸਮਾਗਮ 16 ਤੇ 17 ਅਪਰੈਲ ਦਾ ਸੀ। ਉਨ੍ਹਾਂ ਕਿਹਾ ਕਿ ਜੇ ਐਡਵੋਕੇਟ ਧਾਮੀ ਤੋਂ ਕੋਈ ਇਹ ਗੱਲਾਂ ਕਰਵਾ ਰਿਹਾ ਹੈ ਤਾਂ ਉਨ੍ਹਾਂ ਨੂੰ ਇਹ ਸੰਗਤ ਸਾਹਮਣੇ ਦੱਸਣਾ ਚਾਹੀਦਾ ਹੈ ਪਰ ਗਲਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦਿੱਲੀ ਵਿਚ ਧਰਮ ਪ੍ਰਚਾਰ ਤੇਜ਼ ਕਰਨ ਅਤੇ ਐਮਆਰਆਈ ਸੈਂਟਰ ਦੇ ਐਡਵੋਕੇਟ ਧਾਮੀ ਵੱਲੋਂ ਕੀਤੇ ਐਲਾਨ ਬਾਰੇ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਦਿੱਲੀ ਵਿਚ ਧਰਮ ਪ੍ਰਚਾਰ ਦਾ ਉਹ ਸਵਾਗਤ ਕਰਦੇ ਹਨ ਪਰ ਐੱਮਆਰਆਈ ਸੈਂਟਰ ਖੋਲ੍ਹਣ ਦੀ ਗੱਲ ਕਰ ਕੇ ਉਹ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦਰਮਿਆਨ ਟਕਰਾਅ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ਼ ਕਰਨ। ਦੋਹਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਵਿਚ ਆਪਣੀ ਜ਼ਿੰਮੇਵਾਰੀ ਨਿਭਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਸਮੇਤ ਅਨੇਕਾਂ ਥਾਵਾਂ ’ਤੇ ਗਿਰਜਾਘਰ ਖੁੱਲ੍ਹ ਗਏ ਹਨ ਤੇ ਸਿੱਖ ਪਰਿਵਾਰਾਂ ਦਾ ਧਰਮ ਪਰਿਵਰਤਨ ਹੋ ਰਿਹਾ ਹੈ ਤੇ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਸਾਬਤ ਹੋਈ ਹੈ।