ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਸਤੰਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਾਜਨ ਤਿਵਾੜੀ ਨੇ ਕਿਹਾ ਕਿ ਭਾਜਪਾ ਨੇ ਰਾਜਿੰਦਰ ਨਗਰ ਉਪ ਚੋਣ ਦੌਰਾਨ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਦੇ ਖ਼ਿਲਾਫ਼ ਚੋਣ ਕਮਿਸ਼ਨ ਅਤੇ ਹਾਈ ਕੋਰਟ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਦੁਰਗੇਸ਼ ਪਾਠਕ ਵੱਲੋਂ ਆਪਣੇ ਚੋਣ ਹਲਫਨਾਮੇ ਵਿੱਚ ਦਿੱਤੀ ਗਈ ਜਾਣਕਾਰੀ ਦਾ ਨੋਟਿਸ ਲਿਆ ਜਾ ਰਿਹਾ ਹੈ। ਇਸ ’ਤੇ ਹਾਈ ਕੋਰਟ ਨੇ ਦੁਰਗੇਸ਼ ਪਾਠਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਇਸ ’ਤੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਹੈ।
ਇਸ ਦੇ ਨਾਲ ਹੀ ਹਾਈ ਕੋਰਟ ਨੇ ਵੀ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੂੰ ਦੁਰਗੇਸ਼ ਪਾਠਕ ਦੇ ਦਸਤਾਵੇਜ਼ ਸੁਰੱਖਿਅਤ ਰੱਖਣ ਲਈ ਕਿਹਾ ਹੈ। ਸ੍ਰੀ ਤਿਵਾੜੀ ਨੇ ਦੁਰਗੇਸ਼ ਪਾਠਕ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ। ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਦੁਰਗੇਸ਼ ਪਾਠਕ ਨੇ ਜਦੋਂ ਰਾਜਿੰਦਰ ਨਗਰ ਉਪ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ ਸੀ ਉਦੋਂ ਉਹ ਡੀਸੀਪੀਸੀਆਰ ਦੇ ਮੈਂਬਰ ਵਜੋਂ ਕੰਮ ਕਰ ਰਹੇ ਸਨ। ਲਾਭ ਦਾ ਅਹੁਦਾ ਰੱਖਣ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਨਾਮਜ਼ਦਗੀ ਕੀਤੀ ਸੀ ਜੋ ਨਿਯਮਾਂ ਦੇ ਵਿਰੁੱਧ ਹੈ। ਦੁਰਗੇਸ਼ ਪਾਠਕ ਨੇ ਆਪਣੇ ਹਲਫ਼ਨਾਮੇ ਵਿੱਚ ਤੱਥਾਂ ਨੂੰ ਵੀ ਗਲਤ ਦੱਸਿਆ ਹੈ। ਭਾਜਪਾ ਨੇ ਨਵੰਬਰ 2020 ਵਿੱਚ ਪ੍ਰੈੱਸ ਕਾਨਫਰੰਸ ਵਿੱਚ ਦੁਰਗੇਸ਼ ਪਾਠਕ ਦੇ ਖ਼ਿਲਾਫ਼ ਨੌਰਥ-ਐਵੇਨਿਊ ਪੁਲੀਸ ਸਟੇਸ਼ਨ ਵਿੱਚ ਦਰਜ ਐਫਆਈਆਰ ਦਾ ਵੀ ਜ਼ਿਕਰ ਕੀਤਾ ਸੀ ਪਰ ਸ੍ਰੀ ਪਾਠਕ ਨੇ ਆਪਣੇ ਹਲਫ਼ਨਾਮੇ ਵਿੱਚ ਐਫਆਈਆਰ ਬਾਰੇ ਜਾਣਕਾਰੀ ਨਹੀਂ ਦਿੱਤੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਮਨਮਾਨੀਆਂ ਕਰਦੀ ਰਹੀ ਹੈ। ਇਕ ਵਾਰ ਫਿਰ ਉਨ੍ਹਾਂ ਦਾ ਇਹ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ।