ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜਨਵਰੀ
ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ ਚਾਰ ਵਾਰ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਸਿੱਖਾਂ ਨੇ ਆਮ ਆਦਮੀ ਪਾਰਟੀ ਦੇ ਹੈਡਕੁਆਰਟਰ ਅੱਗੇ ਰੋਸ਼ ਪ੍ਰਦਰਸਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਸਣੇ ਕਈ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਸ਼ਾਂਤਮਈ ਪ੍ਰਦਰਸ਼ਨ ਦੀ ਸ਼ੁਰੂਆਤ ਮਾਤਾ ਸੁੰਦਰੀ ਕਾਲਜ ਤੋਂ ਹੋਈ। ਦਿੱਲੀ ਪੁਲੀਸ ਨੇ ਪ੍ਰਦਸ਼ਨਕਾਰੀਆਂ ਨੂੰ ‘ਆਪ’ ਦੇ ਦਫਤਰ ਤੋਂ ਪਹਿਲਾਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਲਕੀ ਝੜਪ ਵੀ ਹੋਈ। ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਕੇਜਰੀਵਾਲ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਭਾਈ ਭੁੱਲਰ ਦੀ ਰਿਹਾਈ ਦੀ ਮੰਗ ਵਾਲੀ ਤਖਤੀਆਂ ਹਥਾਂ ਵਿੱਚ ਫੜੇ ਮੁਜ਼ਾਹਰਾਕਾਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਈ ਭੁੱਲਰ ਦੀ ਨਾਜਾਇਜ਼ ਹਿਰਾਸਤ ਦਾ ਜ਼ਿੰਮੇਵਾਰ ਠਹਿਰਾਇਆ। ਜ਼ਿਕਰਯੋਗ ਹੈ ਕਿ 2014 ਵਿੱਚ ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਨੂੰ ਭਾਈ ਭੁੱਲਰ ਦੀ ਰਿਹਾਈ ਲਈ ਰਾਸ਼ਟਰਪਤੀ ਤਕ ਪਹੁੰਚ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ ਪਰ ਹੁਣ 2019 ਵਿੱਚ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਰਿਹਾਈ ਨੂੰ ਮਨਜ਼ੂਰੀ ਦੇਣ ਦੇ ਬਾਵਜੂਦ ਦਿੱਲੀ ਸਰਕਾਰ ਦਾ ਸਜ਼ਾ ਸਮੀਖਿਆ ਬੋਰਡ 4 ਵਾਰ ਇਸ ਪ੍ਰਵਾਨਗੀ ਨੂੰ ਪਿੱਠ ਵਿਖਾ ਚੁੱਕਿਆ ਹੈ। ਪ੍ਰਦਸ਼ਨਕਾਰੀਆਂ ਨੇ ਦੱਸਿਆ ਕਿ ਬੋਰਡ ਨੇ 2019 ਵਿੱਚ ਇੱਕ ਵਾਰ ਤੇ 2020 ਵਿੱਚ ਤਿੰਨ ਵਾਰ ਰਿਹਾਈ ਮਤੇ ਨੂੰ ਰੱਦ ਕਰਕੇ ਇਹ ਸਾਬਤ ਕੀਤਾ ਹੈ ਕਿ ਬੋਰਡ ਮਨੁੱਖੀ ਤੇ ਕੈਦੀ ਅਧਿਕਾਰਾਂ ਦੀ ਰਾਖੀ ਕਰਨ ਦੀ ਥਾਂ ਸਿਰਫ਼ ਗੈਰ-ਨਿਰਪੱਖਤਾ ਦੀ ਸੋਚ ਨੂੰ ਲਾਗੂ ਕਰਨ ਦਾ ਮਾਧਿਅਮ ਬਣ ਗਿਆ ਹੈ। ਪ੍ਰਦਰਸ਼ਨ ਵਿੱਚ ਭਾਜਪਾ ਕੌਂਸਲਰ ਪਰਮਜੀਤ ਸਿੰਘ ਰਾਣਾ, ਮਨਜੀਤ ਸਿੰਘ, ਸਤਨਾਮ ਸਿੰਘ ਸਮੇਤ ਬੀਬੀਆਂ ਨੇ ਵੀ ਸ਼ਿਰਕਤ ਕੀਤੀ।