ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਸਤੰਬਰ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਭਾਰਤੀ ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾਉਣ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕੇ ਤਾਂ ਜੋ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ ਜਿਨ੍ਹਾਂ ਨੇ ਭਾਰਤੀ ਕ੍ਰਿਕਟ ਖਿਡਾਰੀ ਖ਼ਿਲਾਫ਼ ਕੂੜ ਪ੍ਰਚਾਰ ਮੁਹਿੰਮ ਵਿੱਢੀ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਕੱਲ੍ਹ ਹੋਏ ਭਾਰਤ ਤੇ ਪਾਕਿਸਤਾਨ ਦਰਮਿਆਨ ਮੈਚ ’ਚ ਭਾਰਤੀ ਟੀਮ ਨੇ ਪੂਰੇ ਉਤਸ਼ਾਹ ਨਾਲ ਖੇਡ ਖੇਡੀ। ਉਨ੍ਹਾਂ ਕਿਹਾ ਕਿ ਮੈਚ ਤੋਂ ਬਾਅਦ ਕੁਝ ਪਾਕਿਸਤਾਨੀ ਪੱਤਰਕਾਰਾਂ ਅਤੇ ਭਾਰਤ ਵਿਰੋਧੀ ਵਿਅਕਤੀਆਂ ਨੇ ਸੋਸ਼ਲ ਮੀਡੀਆ ‘ਤੇ ਅਰਸ਼ਦੀਪ ਦੇ ਸਬੰਧ ਖਾਲਿਸਤਾਨ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਆਈਐਸਆਈ ਦੀਆਂ ਹਦਾਇਤਾਂ ਮੁਤਾਬਕ ਆਪਣੀ ਭੂਮਿਕਾ ਨਿਭਾਈ ਹੈ। ਭਾਜਪਾ ਆਗੂ ਨੇ ਕਿਹਾ ਕਿ ਅਰਸ਼ਦੀਪ ਸਿੰਘ ਇਕ ਹੋਣਹਾਰ ਤੇ ਸਮਰਪਿਤ ਭਾਰਤੀ ਖਿਡਾਰੀ ਹੈ ਜੋ ਆਪਣੇ ਦੇਸ਼ ਨੂੰ ਪਿਆਰ ਕਰਦਾ ਹੈ ਅਤੇ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਕੇ ਖੇਡਦਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਖਾਲਿਸਤਾਨ ਏਜੰਡੇ ਨਾਲ ਕੋਈ ਲੈਣ ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਭਾਰਤ ਨੇ ਲੋਕਾਂ ਨੂੰ ਗੁਮਰਾਹ ਕਰਨ ਦਾ ਆਈਐੱਸਆਈ ਦਾ ਏਜੰਡਾ ਫੇਲ੍ਹ ਕੀਤਾ ਹੈ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਮਾਮਲਾ ਪਾਕਿਸਤਾਨ ਕੋਲ ਚੁੱਕਿਆ ਜਾਵੇ ਤਾਂ ਜੋ ਨਫਰਤੀ ਏਜੰਡਾ ਫੈਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਸਕੇ।