ਨਵੀਂ ਦਿੱਲੀ, 28 ਨਵੰਬਰ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਅਜਿਹੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਹੈ,ਜਿਨ੍ਹਾਂ ਦੀ ਪਿਛਲੇ ਪੰਜ ਸਾਲਾਂ ਵਿੱਚ ਕਾਇਆਕਲਪ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਵੀ ਆਪਣੀ ਅਜਿਹੀ ਸੂਚੀ ਜਾਰੀ ਕਰੇ। ਵਰਨਣਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਸੀ ਦਿੱਲੀ ਦੇ ਸਕੂਲਾਂ ਵਿੱਚ ਕੁੱਝ ਵੀ ਨਹੀਂ ਹੋਇਆ। ਇਸ ਦੇ ਜੁਆਬ ਵਿੱਚ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਕਿਸੇ ਵੀ ਸਮੇਂ ਇਨ੍ਹਾਂ ਸਕੂਲਾਂ ਦਾ ਦੌਰਾ ਕਰ ਸਕਦੇ ਹਨ ਅਤੇ ਇਸੇ ਤਰ੍ਹਾਂ ਉਹ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਵੀ ਦੌਰਾ ਕਰਨਗੇ। ਉਨ੍ਹਾਂ ਕਿਹਾ,‘ਮੈਨੂੰ ਉਮੀਦ ਹੈ ਕਿ ਅੱਜ (ਐਤਵਾਰ) ਸ਼ਾਮ ਤੱਕ ਪੰਜਾਬ ਦੇ ਸਿੱਖਿਆ ਮੰਤਰੀ ਸੂਚੀ ਜਾਰੀ ਕਰ ਦੇਣਗੇ।’