ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਦਸੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਆਉਂਦੇ ਵਿਦਿਅਕ ਸੈਸ਼ਨ ਤੋਂ ਸਮਾਰਟ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦਿੱਤੀ। ਅੱਜ ਇਥੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਹਰਮੀਤ ਸਿੰਘ ਕਾਲਕਾ ਨੇ ਇਹ ਫੈਸਲਾ ਲਿਆ। ਕਾਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਚਲਾ ਜਾ ਰਹੇ ਸਾਰੇ ਵਿਦਿਅਕ ਅਦਾਰਿਆਂ ਵਿਚ ਦਰਪੇਸ਼ ਮੁਸ਼ਕਿਲਾਂ ਤੇ ਅਗਲੇ ਸੈਸ਼ਨਾਂ ਲਈ ਰੁਪ ਰੇਖਾ ਉਲੀਕਣ ਵਾਸਤੇ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਦੌਰ ਵਿਚ ਵਿਦਿਅਕ ਖੇਤਰ ਨੂੰ ਸਭ ਤੋਂ ਵੱਧ ਮਾਰ ਪਈ ਹੈ, ਜਿਸ ਕਾਰਨ ਸਟਾਫ ਦੀਆਂ ਤਨਖਾਹਾਂ ਤੇ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।