Somnath Temple: ਸ਼ਰਧਾਲੂਆਂ ਦਾ ਜਥਾ ਰਵਾਨਾ
ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਰੇਲ ਗੱਡੀ ਨੂੰ ਝੰਡੀ ਦਿਖਾਈ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ‘ਸੋਮਨਾਥ ਸਵਾਭਿਮਾਨ ਪਰਵ’ ਤਹਿਤ ਸਫਦਰਜੰਗ ਰੇਲਵੇ ਸਟੇਸ਼ਨ ਤੋਂ ਗੁਜਰਾਤ ਦੇ ਸੋਮਨਾਥ ਮੰਦਰ ਲਈ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਹਜ਼ਾਰ ਸਾਲ ਪਹਿਲਾਂ ਮਹਿਮੂਦ ਗਜ਼ਨਵੀ ਵੱਲੋਂ ਮੰਦਰ ’ਤੇ ਕੀਤੇ ਗਏ ਹਮਲੇ ਦੌਰਾਨ ਲੋਕਾਂ ਦੀ ਅਟੁੱਟ ਆਸਥਾ ਦੀ ਯਾਦ ਵਿੱਚ ਹੋਰਨਾਂ ਰਾਜਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਸੋਮਨਾਥ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਇਹ ਰੇਲ ਗੱਡੀ ਦਿੱਲੀ ਤੋਂ ਲਗਪਗ 1400 ਸ਼ਰਧਾਲੂਆਂ ਨੂੰ ਸੋਮਨਾਥ ਮੰਦਰ ਲੈ ਕੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਯਕੀਨੀ ਬਣਾਇਆ ਹੈ ਕਿ ਦੇਸ਼ ਦੀ ਵਿਰਾਸਤ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਲੋਕ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜਨ। ਤਿੰਨ ਦਿਨਾਂ ਦੀ ਸੋਮਨਾਥ ਯਾਤਰਾ ਦੇ ਤਹਿਤ ਦਿੱਲੀ ਦੇ ਸ਼ਰਧਾਲੂ ਭਗਵਾਨ ਸ਼ਿਵ ਨੂੰ ਸਮਰਪਿਤ ਗੁਜਰਾਤ ਸਥਿਤ ਮੰਦਰ ਦੇ ਦਰਸ਼ਨ ਕਰਨਗੇ। ਰੇਲ ਗੱਡੀ ਕੱਲ੍ਹ ਸਵੇਰੇ ਗੁਜਰਾਤ ਪਹੁੰਚੇਗੀ। ਗੁਜਰਾਤ ਸਰਕਾਰ ਸ਼ਰਧਾਲੂਆਂ ਲਈ ਰਿਹਾਇਸ਼, ਭੋਜਨ, ਪੀਣ ਵਾਲੇ ਪਾਣੀ ਅਤੇ ਹੋਰ ਪ੍ਰਬੰਧ ਕਰੇਗੀ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਹੀਂ ਆਵੇਗੀ ਅਤੇ ਉਨ੍ਹਾਂ ਲਈ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ।

