ਗੁਰੂ ਹਰਿਕ੍ਰਿਸ਼ਨ ਸਕੂਲ ਵਿੱਚ ਖੇਡ ਮੇਲਾ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਦਿੱਲੀ ਵੱਲੋਂ ਸਾਲਾਨਾ ਖੇਡ ਮੇਲਾ ਸਕੂਲ ਦੇ ਬਾਬਾ ਬਘੇਲ ਸਿੰਘ ਸਟੇਡੀਅਮ ਵਿੱਚ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸਕੂਲ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ ਅਤੇ ਵਿਸ਼ੇਸ਼ ਮਹਿਮਾਨ ਸਕੂਲ ਦੇ ਵਾਈਸ ਚੇਅਰਮੈਨ ਦਲਵਿੰਦਰ ਸਿੰਘ ਨੇ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਭੁਪਿੰਦਰ ਜੀਤ ਸਿੰਘ ਗੁਲਸ਼ਨ ਨੇ ਆਏ ਹੋਏ ਮਹਿਮਾਨਾਂ ਦਾ ਗੁਲਦਸਤਿਆਂ ਨਾਲ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਰਵਾਇਤ ਅਨੁਸਾਰ ਗੁਰਬਾਣੀ ਦੇ ਸ਼ਬਦ ਨਾਲ ਹੋਈ। ਇਸ ਉਪਰੰਤ ਹਾਜ਼ਰ ਪਤਵੰਤਿਆਂ ਵੱਲੋਂ ਝੰਡਾ ਲਹਿਰਾਇਆ ਗਿਆ। ਸਕੂਲ ਦੇ ਵੱਖ-ਵੱਖ ਹਾਊਸ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਹਾਊਸ, ਬਾਬਾ ਜ਼ੋਰਾਵਰ ਸਿੰਘ ਹਾਊਸ, ਬਾਬਾ ਫਤਹਿ ਸਿੰਘ ਹਾਊਸ ਅਤੇ ਮਹਾਰਾਜਾ ਰਣਜੀਤ ਸਿੰਘ ਹਾਊਸ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕਰਦੇ ਹੋਏ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਸਵਾਗਤੀ ਡਾਂਸ ਅਤੇ ਗੀਤ ਰਾਹੀਂ ਮਹਿਮਾਨਾਂ ਅਤੇ ਮਾਪਿਆਂ ਦਾ ਸਵਾਗਤ ਕੀਤਾ। ਪ੍ਰਿੰਸੀਪਲ ਭੁਪਿੰਦਰ ਜੀਤ ਸਿੰਘ ਆਪਣੇ ਸੰਬੋਧਨ ’ਚ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕਰਦੇ ਹੋਏ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ’ਤੇ ਕਈ ਪ੍ਰੋਗਰਾਮ ਉਲੀਕੇ ਜਾਂਦੇ ਹਨ। ਸਾਲਾਨਾ ਖੇਡ ਮੇਲੇ ਵਿੱਚ ਵਿਦਿਆਰਥੀਆਂ ਨੇ ਅਥਲੈਟਿਕਸ, ਰਿਲੇਅ ਰੇਸ, 100 ਮੀਟਰ, 200 ਮੀਟਰ, ਸ਼ਾਟ-ਪੁਟ ਅਤੇ ਹਰਡਲਜ਼ ਰੇਸ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਕੇ ਸਫਲਤਾ ਹਾਸਲ ਕੀਤੀ। ਉਪਰੰਤ ਸਕੂਲ ਪ੍ਰਬੰਧਕਾਂ ਨੇ ਸਾਰਿਆਂ ਨੂੰ ਤਗ਼ਮੇ ਅਤੇ ਸਰਟੀਫਿਕੇਟ ਭੇਟ ਕੀਤੇ।
