ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਲੱਦਾਖ ਲਈ ਰਾਜ ਦਾ ਦਰਜਾ ਮੰਗ ਰਹੇ ਲੋਕਾਂ ਦਾ ਸਮਰਥਨ ਪ੍ਰਗਟ ਕੀਤਾ ਹੈ। ਕੇਜਰੀਵਾਲ ਨੇ ਲੱਦਾਖ ਦੇ ਲੋਕਾਂ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਲੱਦਾਖ ਰਾਜ ਦਾ ਦਰਜਾ ਪ੍ਰਾਪਤ ਕਰਨ ਦਾ ਹੱਕਦਾਰ ਹੈ, ਰਾਜ ਦਾ ਦਰਜਾ ਪ੍ਰਾਪਤ ਕਰਨਾ ਲੱਦਾਖ ਦਾ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ ਆਜ਼ਾਦੀ ਇਸ ਲਈ ਨਹੀਂ ਪ੍ਰਾਪਤ ਕੀਤੀ ਕਿ ਲੋਕ ਅੰਗਰੇਜ਼ਾਂ ਦੀ ਬਜਾਏ ਭਾਜਪਾ ਦੇ ਗੁਲਾਮ ਬਣ ਜਾਣ। ਸੱਤਾ ਦੇ ਨਸ਼ੇ ਵਿੱਚ ਭਾਜਪਾ ਹੌਲੀ-ਹੌਲੀ ਰਾਜਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਬਦਲ ਰਹੀ ਹੈ ਅਤੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਖੋਹ ਰਹੀ ਹੈ। ਅੱਜ ਲੱਦਾਖ ਦੀ ਸਥਿਤੀ ਚਿੰਤਾਜਨਕ ਹੈ। ਹਰ ਸੱਚੇ ਦੇਸ਼ ਭਗਤ ਨੂੰ ਲੱਦਾਖ ਦੇ ਲੋਕਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਕਿਹਾ ਕਿ ਹਰ ਸੱਚੇ ਦੇਸ਼ ਭਗਤ ਨੂੰ ਲੱਦਾਖ ਦੇ ਲੋਕਾਂ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਅਤੇ ਚੰਦਰਸ਼ੇਖਰ ਆਜ਼ਾਦ ਵਰਗੇ ਕ੍ਰਾਂਤੀਕਾਰੀਆਂ ਨੇ ਲੋਕਤੰਤਰ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਤਾਂ ਜੋ ਹਰ ਭਾਰਤੀ ਨੂੰ ਆਪਣੀ ਸਰਕਾਰ ਚੁਣਨ ਦਾ ਅਧਿਕਾਰ ਮਿਲੇ। ਭਾਜਪਾ ਸੰਵਿਧਾਨ ਵੱਲੋਂ ਮਿਲੋਂ ਅਧਿਕਾਰਾਂ ਨੂੰ ਖੋਹ ਰਹੀ ਹੈ। ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਲੱਦਾਖ ਦੇ ਲੋਕ ਕੀ ਮੰਗ ਰਹੇ ਹਨ? ਉਹ ਸਿਰਫ਼ ਵੋਟ ਪਾਉਣ ਦਾ ਅਧਿਕਾਰ ਅਤੇ ਸਰਕਾਰ ਚੁਣਨ ਦਾ ਅਧਿਕਾਰ ਮੰਗ ਰਹੇ ਹਨ, ਪਰ ਭਾਜਪਾ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਦਬਾ ਰਹੀ ਹੈ। ਇਸ ਦੌਰਾਨ ਸੀਨੀਅਰ ‘ਆਪ’ ਨੇਤਾ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਲੱਦਾਖ ਦੇ ਲੋਕਾਂ ਦੀਆਂ ਮੰਗਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲੱਭਣ ਦੀ ਬਜਾਏ ਭਾਜਪਾ ਹਥਿਆਰਾਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਚਾਰ ਨਿਰਦੋਸ਼ ਲੋਕ ਮਾਰੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਗਤ ਸਿੰਘ, ਚੰਦਰਸ਼ੇਖਰ ਅਤੇ ਅਣਗਿਣਤ ਹੋਰ ਨਾਇਕਾਂ ਨੇ ਦੇਸ਼ ਦੀ ਮਿੱਟੀ ਨੂੰ ਆਪਣੇ ਖ਼ੂਨ ਨਾਲ ਸਿੰਜਿਆ ਤਾਂ ਕਿਤੇ ਜਾ ਕੇ ਸਾਨੂੰ ਆਜ਼ਾਦੀ ਅਤੇ ਮਾਣ ਮਿਲ ਸਕੇ। ਉਨ੍ਹਾਂ ਕਿਹਾ ਕਿ ਸੰਵਿਧਾਨ ਲੋਕਾਂ ਨੂੰ ਸ਼ਕਤੀ ਦਿੰਦਾ ਹੈ, ਕਿਸੇ ਪਾਰਟੀ ਨੂੰ ਨਹੀਂ।