ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਜੂਨ
ਕ੍ਰਾਂਤੀਕਾਰੀ ਯੁਵਾ ਸੰਗਠਨ (ਕੇਵਾਈਐੱਸ) ਵੱਲੋਂ ਦਿੱਲੀ ਯੂਨੀਵਰਸਿਟੀ ਦੀ ਆਰਟਸ ਫੈਕਲਟੀ ਵਿੱਚ ਅਣਮਿੱਥੇ ਸਮੇਂ ਲਈ ਦਿੱਤੇ ਧਰਨੇ ਦੇ ਦੂਜੇ ਦਿਨ ਵਿਦਿਆਰਥੀਆਂ ਦਾ ਸਮਰਥਨ ਮਿਲਿਆ। ਕੇਵਾਈਐੱਸ ਨੇ ਕਿਹਾ ਕਿ ਇਹ ਅਣਮਿੱਥੇ ਸਮੇਂ ਦਾ ਧਰਨਾ ਸੇਂਟ ਸਟੀਫਨ ਕਾਲਜ ਦੇ ਮੁੱਦੇ ’ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਾਹਰ ਰੱਖਣ ਅਤੇ ਦਿੱਲੀ ਯੂਨੀਵਰਸਿਟੀ ਦੇ ਸਾਰੇ ਕਾਲਜਾਂ ਵਿੱਚ ਸ਼ਾਮ ਦੀ ਸ਼ਿਫਟ ਸ਼ੁਰੂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਹੈ। ਕੇਵਾਈਐੱਸ ਨੇ ਅੱਜ ਤੋਂ ਇਨ੍ਹਾਂ ਮੁੱਦਿਆਂ ’ਤੇ ਵੱਡੇ ਪੱਧਰ ਉੱਤੇ ਦਸਤਖ਼ਤ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਵਿੱਚ ਦਾਖ਼ਲਾ ਲੈਣ ਵਾਲੇ ਉਮੀਦਵਾਰਾਂ ਵਿੱਚ ਇੱਕ ਮੁਹਿੰਮ ਸ਼ੁਰੂ ਕਰਵਾਏਗਾ। ਵਿਦਿਆਰਥੀਆਂ ਨੇ ਕਿਹਾ ਕਿ ਹਰ ਸਾਲ ਦੇਸ਼ ਭਰ ਤੋਂ ਹਜ਼ਾਰਾਂ ਵਿਦਿਆਰਥੀ ਦਿੱਲੀ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਅਤੇ ਵਿਭਾਗਾਂ ਵਿੱਚ ਦਾਖ਼ਲੇ ਲਈ ਅਪਲਾਈ ਕਰਦੇ ਹਨ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕੱਟਆਫ ਪ੍ਰਣਾਲੀ ਉਤੇ ਵੀ ਸਵਾਲ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਅਧਿਕਾਰ ਪ੍ਰਾਪਤ ਪਿਛੋਕੜ ਵਾਲੇ ਵਿਦਿਆਰਥੀਆਂ ਦਾ ਪੱਖ ਪੂਰਦਾ ਹੈ। ਕੇਵਾਈਐੱਸ ਨੇ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ।