ਵਿਦਿਆਰਥੀਆਂ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਵਿਰੋਧ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ‘ਛਤਰਪਤੀ ਸ਼ਿਵਾਜੀ ਮਹਾਰਾਜ ਸਪੈਸ਼ਲ ਸੈਂਟਰ-ਸੁਰੱਖਿਆ ਅਤੇ ਰਣਨੀਤਕ ਅਧਿਐਨ’ ਦਾ ਨੀਂਹ ਪੱਥਰ ਰੱਖਿਆ ਗਿਆ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਮਰਾਠੀ ਭਾਸ਼ਾ ਸਾਹਿਤ ਅਤੇ ਸੱਭਿਆਚਾਰ ਦੇ ਪ੍ਰਚਾਰ ਲਈ ਕੁਸੁਮਾਗ੍ਰਜ ਸਪੈਸ਼ਲ ਸੈਂਟਰ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਮਰਾਠੀ ਦੇ ਨਾਲ-ਨਾਲ ਭਾਰਤ ਦੀਆਂ ਹੋਰ ਭਾਸ਼ਾਵਾਂ ਬਾਰੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਦੌਰਾਨ ਕੁਝ ਜੇਐਨਯੂ ਦੀ ਵਿਦਿਆਰਥੀ ਯੂਨੀਅਨ ਦੇ ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਨੂੰ ‘ਵਾਪਸ ਜਾਓ’, ਵਾਪਸ ਜਾਓ’ ਦੇ ਨਾਅਰੇ ਲਾਏ ਗਏ। ਬੀਤੀ ਸ਼ਾਮ ਹੋਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਖਰੂਦ ਪਾਇਆ। ਸ੍ਰੀ ਫੜਨਵੀਸ ਨੇ ਕਿਹਾ ਕਿ ਸਾਰੀਆਂ ਭਾਰਤੀ ਭਾਸ਼ਾਵਾਂ ਮਰਾਠੀ ਜਿੰਨੀਆਂ ਹੀ ਮਹੱਤਵਪੂਰਨ ਹਨ। ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਰਾਠੀ ਸਿੱਖੀ ਜਾਣੀ ਚਾਹੀਦੀ ਹੈ ਪਰ ਹੋਰ ਭਾਸ਼ਾਵਾਂ ਵੀ ਸਿੱਖਣੀਆਂ ਚਾਹੀਦੀਆਂ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚ ਮਰਾਠੀ ’ਤੇ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਭਾਸ਼ਾਵਾਂ ਦੀ ਪਿੱਠ ‘ਤੇ ਅੰਗਰੇਜ਼ੀ ਭਾਸ਼ਾ ਥੋਪ ਦਿੱਤੀ ਜਾਂਦੀ ਹੈ ਤਾਂ ਸਾਨੂੰ ਦੁੱਖ ਹੁੰਦਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇੱਥੋਂ ਦੇ ਵਿਦਿਆਰਥੀ ਮਰਾਠੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਤੋਂ ਜਾਣੂ ਹੋ ਕੇ ਮਾਣ ਮਹਿਸੂਸ ਕਰਨਗੇ। ਜਾਣਕਾਰੀ ਅਨੁਸਾਰ ਜੇਐੱਨਯੂ ਵਿਦਿਆਰਥੀ ਯੂਨੀਅਨ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦੌਰੇ ਦਾ ਵਿਰੋਧ ਕਰ ਰਹੀ ਸੀ।