ਦਿੱਲੀ ਵਿੱਚ ਖ਼ੁਦਕੁਸ਼ੀ ਕਰਨ ਵਾਲੇ 10ਵੀਂ ਜਮਾਤ ਦੇ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੇ ਅੱਜ ਇੱਕ ਨਿੱਜੀ ਸਕੂਲ ਅੱਗੇ ਮੁਜ਼ਾਹਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੁਝ ਅਧਿਆਪਕਾਂ ’ਤੇ ਵਿਦਿਆਰਥੀ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਅਤੇ ਅਧਿਕਾਰੀਆਂ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਜ਼ਿੰਮੇਵਾਰ ਠਹਿਰਾਏ ਗਏ ਲੋਕਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਉਨ੍ਹਾਂ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ’ਤੇ ਵਿਦਿਆਰਥੀ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਕੂਲ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਵਿਦਿਆਰਥੀਆਂ ਲਈ ਮਾਨਸਿਕ ਸਿਹਤ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਪੁਲੀਸ ਅਨੁਸਾਰ 10ਵੀਂ ਜਮਾਤ ਦੇ ਲੜਕੇ ਨੇ ਮੰਗਲਵਾਰ ਨੂੰ ਦੁਪਹਿਰ 2.34 ਵਜੇ ਰਾਜੇਂਦਰ ਪਲੇਸ ਮੈਟਰੋ ਸਟੇਸ਼ਨ ਦੇ ਪਲੇਟਫਾਰਮ ਤੋਂ ਛਾਲ ਮਾਰ ਦਿੱਤੀ ਸੀ। ਉਸ ਨੂੰ ਬੀ ਐੱਲ ਕੇ ਸੁਪਰ ਸਪੈਸ਼ਲਿਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਵਿਦਿਆਰਥੀ ਦੇ ਖੁਦਕੁਸ਼ੀ ਨੋਟ ਵਿੱਚ ਉਸ ਨੇ ਕੁਝ ਅਧਿਆਪਕਾਂ ਦਾ ਨਾਮ ਲਿਆ ਜਿਨ੍ਹਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ।
ਮੁੱਖ ਅਧਿਆਪਕਾ ਸਣੇ ਚਾਰ ਸਟਾਫ ਮੈਂਬਰ ਮੁਅੱਤਲ
ਸੇਂਟ ਕੋਲੰਬਾ ਸਕੂਲ ਦੀ ਮੁੱਖ ਅਧਿਆਪਕਾ ਸਮੇਤ ਚਾਰ ਸਟਾਫ਼ ਮੈਂਬਰਾਂ ਖ਼ਿਲਾਫ਼ ਦਸਵੀਂ ਜਮਾਤ ਦੇ ਵਿਦਿਆਰਥੀ ਦੀ ਖੁਦਕੁਸ਼ੀ ਦੇ ਸਬੰਧ ਵਿੱਚ ਐੱਫ ਆਈ ਆਰ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦਿੱਲੀ ਸਿੱਖਿਆ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਦੋਸ਼ਾਂ ਦੀ ਜਾਂਚ ਕਰਨ ਅਤੇ ਸਕੂਲ ਵੱਲੋਂ ਮਾਮਲੇ ਨੂੰ ਸੰਭਾਲਣ ਦੀ ਸਮੀਖਿਆ ਕਰਨ ਲਈ ਇੱਕ ਕਮੇਟੀ ਬਣਾਈ ਗਈ ਹੈ। ਇਸ ਨੂੰ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸੂਤਰਾਂ ਅਨੁਸਾਰ 9ਵੀਂ ਅਤੇ 10ਵੀਂ ਜਮਾਤ ਦੀ ਕੋਆਰਡੀਨੇਟਰ ਮੁੱਖ ਅਧਿਆਪਕਾ ਅਤੇ ਦੋ ਅਧਿਆਪਕਾਂ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ ਜਦੋਂ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਾਨਸਿਕ ਸਿਹਤ ਸਬੰਧੀ ਮਾਪਦੰਡ ਲਾਗੂ ਕਰਨ ਦੇ ਨਿਰਦੇਸ਼
ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਦੇ ਹਰ ਸਕੂਲ ਤੋਂ ਵਿਦਿਆਰਥੀਆਂ ਦੀ ਮਾਨਸਿਕ ਮਨੋਵਿਗਿਆਨਕ ਸਿਹਤ ਸਬੰਧੀ ਸੀ ਬੀ ਐੱਸ ਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਬਾਰੇ ਰਿਪੋਰਟ ਹਾਸਲ ਕਰਨਗੇ। ਇਸ ਦੌਰਾਨ ਉਨ੍ਹਾਂ ਮਾਨਸਿਕ-ਸਿਹਤ ਸਬੰਧੀ ਮਾਪਦੰਡਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਦ ਦਾ ਇਹ ਬਿਆਨ ਦਿੱਲੀ ਵਿੱਚ 10ਵੀਂ ਜਮਾਤ ਦੇ ਇੱਕ ਵਿਦਿਆਰਥੀ ਵੱਲੋਂ ਕਥਿਤ ਮਾਨਸਿਕ ਪ੍ਰੇਸ਼ਾਨੀ ਕਾਰਨ ਖੁਦਕੁਸ਼ੀ ਕਰਨ ਦੇ ਮੱਦੇਨਜ਼ਰ ਆਇਆ ਹੈ। ਮੰਤਰੀ ਨੇ ਕਿਹਾ, ‘‘ਅਸੀਂ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਹੈ ਅਤੇ ਸਕੂਲ ਨੇ ਵੀ ਕਾਰਵਾਈ ਕੀਤੀ ਹੈ। ਮੈਂ ਇੱਕ ਚਿੰਤਤ ਮਾਪੇ ਵਜੋਂ ਇਸ ਮੁੱਦੇ ’ਤੇ ਗੌਰ ਕਰ ਰਿਹਾ ਹਾਂ।’’

